Punjab Weather Update: ਪੰਜਾਬ ਵਿੱਚ ਮੌਸਮ ਮੁੜ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ ਬਾਰਸ਼ ਤੇ ਝੱਖੜ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ 22 ਤੇ 23 ਅਪਰੈਲ ਨੂੰ ਮੌਸਮ ਮੁੜ ਵਿਗੜਨ ਦੀ ਪੇਸ਼ੀਨਗੋਈ ਕੀਤੀ ਹੈ। ਉਧਰ, ਕਿਸਾਨਾਂ ਦੀ ਹਾੜੀ ਦੀਆਂ ਫਸਲਾਂ ਪੱਕ ਕੇ ਤਿਆਰ ਹੋ ਗਈਆਂ ਹਨ ਤੇ ਸੂਬੇ ਭਰ ਵਿੱਚ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿੱਚ ਮੌਸਮ ਖਰਾਬ ਹੋਣ ਨਾਲ ਕਿਸਾਨਾਂ ਦੀ ਕਈ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। 


ਮੌਸਮ ਵਿਗਿਆਨੀਆਂ ਨੇ 22 ਤੇ 23 ਅਪਰੈਲ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੌਸਮ ਖਰਾਬ ਹੋਣ ਦਾ ਖਦਸ਼ਾ ਜਤਾਇਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 22 ਤੇ 23 ਅਪਰੈਲ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। 


ਦੱਸ ਦਈਏ ਕਿ ਲੰਘੇ ਦਿਨੀਂ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਤੇ ਗੜਿਆਂ ਕਾਰਨ ਜਿੱਥੇ ਕਿਸਾਨਾਂ ਦੀ ਖੇਤਾਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦਾ ਨੁਕਸਾਨ ਹੋਇਆ ਉੱਥੇ ਹੀ ਮੰਡੀਆਂ ਵਿੱਚ ਵਿਕਣ ਲਈ ਪਹੁੰਚੀ ਫਸਲ ਵੀ ਭਿੱਜ ਗਈ। ਮੀਂਹ ਕਾਰਨ ਕਣਕ ਦੀ ਵਾਢੀ ਦਾ ਕੰਮ ਵੀ ਪ੍ਰਭਾਵਿਤ ਹੋਇਆ।


ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੇ ਦਿਨੀਂ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ। ਐਤਵਾਰ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 35.2, ਪਟਿਆਲਾ ਵਿੱਚ 36.8, ਪਠਾਨਕੋਟ ਵਿੱਚ 33.5, ਬਠਿੰਡਾ ਵਿੱਚ 25, ਗੁਰਦਾਸਪੁਰ ਵਿੱਚ 34.5, ਨਵਾਂ ਸ਼ਹਿਰ ਵਿੱਚ 34.8, ਬਰਨਾਲਾ ਵਿੱਚ 36.1, ਫਰੀਦਕੋਟ ਤੇ ਫਾਜ਼ਿਲਕਾ ਵਿੱਚ 37, ਫਿਰੋਜ਼ਪੁਰ ਵਿੱਚ 35.1, ਮੋਗਾ ਵਿੱਚ 34.7 ਤੇ ਮੁਹਾਲੀ ਵਿੱਚ 35.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ ਇਕ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।