ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣ ਮਗਰੋਂ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸੀਤਾਰਮਨ ਨੇ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਇਸ ਲਈ ਛੇਤੀ ਹੀ ਪੰਜਾਬ ਦੀ ਬਕਾਇਆ ਰਾਸ਼ੀ ਜਾਰੀ ਹੋ ਜਾਏਗੀ।


ਉਨ੍ਹਾਂ ਕਿਹਾ ਕਿ ਪੰਜਾਬ ਦਾ 2100 ਕਰੋੜ ਰੁਪਿਆ ਕੇਂਦਰ ਵੱਲ ਬਕਾਇਆ ਪਿਆ ਹੈ। ਇਹ ਰਾਸ਼ੀ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁਕੇ ਪਏ ਹਨ। ਪੰਜਾਬ ਸਰਕਾਰ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਬਾਰੇ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਫੰਡ ਜਾਰੀ ਕਰ ਦਿੱਤੇ ਜਾਣਗੇ। ਸੀਤਾਰਮਨ ਨਾਲ ਮੁਲਾਕਾਤ ਕਰਨ ਲਈ ਮਨਪ੍ਰੀਤ ਬਾਦਲ ਤੋਂ ਇਲਾਵਾ ਹੋਰ ਰਾਜਾਂ ਦੇ ਵਿੱਤ ਮੰਤਰੀ ਵੀ ਪਹੁੰਚੇ ਸੀ।

ਦੱਸ ਦਈਏ ਕਿ ਪੰਜਾਬ ਸਰਕਾਰ ਇਸ ਵੇਲੇ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੇਸਾ ਨਹੀਂ ਬਚਿਆ। ਮੁਲਾਜ਼ਮਾਂ ਦੇ ਗੁੱਸੇ ਨੂੰ ਵੇਖਦਿਆਂ ਸਰਕਾਰ ਪੈਸੇ ਦਾ ਜੁਗਾੜ ਕਰਨ ਲੱਗੀ ਹੈ। ਇਸ ਮੁੱਦੇ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਲੰਘੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਮੀ ਮੀਟਿੰਗ ਕੀਤੀ ਸੀ।