Punjabi NRIs Naal Milni: ਪ੍ਰਵਾਸੀ ਪੰਜਾਬੀ ਨਹੀਂ ਹੋਣਗੇ ਖੱਜਲ-ਖੁਆਰ, ਵੱਟਸਐੱਪ ਨੰਬਰ ਜਾਰੀ, ਜਲਦ ਬਣਨਗੀਆਂ ਫ਼ਾਸਟ ਟਰੈਕ ਅਦਾਲਤਾਂ
ਮੰਤਰੀ ਨੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
Punjabi NRIs Naal Milni: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।
ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕੰਨਵੈਨਸ਼ਨ ਸੈਂਟਰ ਅੰਮ੍ਰਿਤਸਰ ਵਿਖੇ ਹੋਏ ਪੰਜਵੇਂ ਮਿਲਨੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
Presiding over Fifth ‘Punjabi NRIs Naal Milni’ held at Convention Center GNDU, NRI Affairs Minister Kuldeep Singh Dhaliwal said that Punjab Government would soon set up fast track courts in the state to facilitate Punjabi NRIs in addressing their issues in a short span of time. pic.twitter.com/SEePmTyYQE
— Government of Punjab (@PunjabGovtIndia) December 30, 2022
ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।
ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।
ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਿਵੇਕਲੀ ਪਹਿਲ ਕਰਦੇ ਹੋਏ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਇਕ ਵੱਟਸਐਪ ਨੰਬਰ 9056009884 ਜਾਰੀ ਕੀਤਾ। ਇਸ ਨੰਬਰ ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ, ਜਿਥੋਂ ਇਸ ਨੂੰ ਹੱਲ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ।
ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 103 ਕੇਸਾਂ ਦੀ ਸੁਣਵਾਈ ਹੋਈ।