ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਤੇ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ।

 

ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿੱਚ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੰਜਾਬੀ ਹਿਤੈਸ਼ੀ ਸੰਸਥਾਵਾਂ ਦੇ ਸਹਿਯੋਗ ਨਾਲ ਲਾਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤਹਿਤ ਉਨ੍ਹਾਂ ਨੇ ਆਪਣੇ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਤੇ ਪ੍ਰਫੁੱਲਿਤ ਕਰਨਾ ਉਨ੍ਹਾਂ ਦਾ ਮੁਢਲਾ ਫਰਜ਼ ਹੈ ਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਮਾਂ-ਬੋਲੀ ਵਿੱਚ ਕੀਤਾ ਜਾਵੇ।

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗਾਂ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ।

ਸਿੱਧੂ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬੀ ਸਾਡੀ ਪਛਾਣ ਤੇ ਮਾਣ ਹੈ। ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ, ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨਾ ਤੇ ਇਸ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਭ ਦਾ ਫ਼ਰਜ਼ ਬਣਦਾ ਹੈ।