Sidhu Moose Wala Case: ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਅੱਠ ਸ਼ੂਟਰਾਂ ਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਹਰਕਮਲ ਰਾਣੂ ਵਾਸੀ ਬਠਿੰਡਾ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਇਹ ਦਸਵੀਂ ਗ੍ਰਿਫ਼ਤਾਰੀ ਹੈ।


ਦੱਸ ਦਈਏ ਕਿ ਮੂਸੇਵਾਲਾ ਦੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਸਿਰਫ਼ 28 ਸਾਲਾਂ ਦਾ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹੈ।


ਦਿੱਲੀ ਪੁਲਿਸ ਮੁਤਾਬਕ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ‘ਮਾਸਟਰਮਾਈਂਡ’ ਗੈਂਗਸਟਰ ਲਾਰੈਂਸ ਬਿਸ਼ਨੋਈ ਸੀ। ਪੁਲਿਸ ਦੇ ਸਪੈਸ਼ਲ ਕਮਿਸ਼ਨਰ (ਸਪੈਸ਼ਲ ਸੈੱਲ) ਐਚ.ਐਸ.ਧਾਲੀਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗਾਇਕ ਤੇ ਕਾਂਗਰਸੀ ਆਗੂ ਦੇ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਦੇ ਕਰੀਬੀ ਸਿਧੇਸ਼ ਹੀਰਾਮਨ ਕਮਲੇ ਉਰਫ਼ ਮਹਾਕਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਉਨ੍ਹਾਂ ਦੱਸਿਆ ਕਿ ਮਹਾਕਾਲ ਨੂੰ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਮਕੋਕਾ ਦੇ ਇੱਕ ਕੇਸ ਤਹਿਤ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 14 ਦਿਨਾਂ ਲਈ ਮਹਾਰਾਸ਼ਟਰ ਪੁਲਿਸ ਦੀ ਹਿਰਾਸਤ ਵਿੱਚ ਹੈ। ਸਪੈਸ਼ਲ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਕਤਲ ਵਿੱਚ ਸ਼ਾਮਲ ਪੰਜ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਇਸ ਕਤਲ ਵਿੱਚ ਲਾਰੇਂਸ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ ਹੈ।


ਇਹ ਵੀ ਪੜ੍ਹੋ: Punjab Weather Forecast: ਪੰਜਾਬ 'ਚ ਛਾਏ ਰਹਿਣਗੇ ਬੱਦਲ, ਪਰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਜਾਣੋ ਮੌਸਮ ਦਾ ਹਾਲ