ਗੁਰਦਾਸਪੁਰ: ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ਼ਨੀਵਾਰ ਨੂੰ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵੱਲੋਂ ਦੌਰਾ ਕੀਤਾ ਗਿਆ। ਸਕੱਤਰ ਹੁਸਨ ਲਾਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਗਲਿਆਰੇ ਦੀ ਉਸਾਰੀ ਨਾਲ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਸਕੱਤਰ ਪੰਜਾਬ ਹੁਸਨ ਲਾਲ ਨੇ ਭਾਰਤ-ਪਾਕਿ ਸਰਹੱਦ ਦੇ ਨੇੜੇ ਕੀਤੇ ਜਾਣ ਵਾਲੇ ਨਿਰਮਾਣ ਕਾਰਜਾਂ ਸਬੰਧੀ ਸਥਾਨਾਂ ਦਾ ਦੌਰਾ ਕੀਤਾ ਤੇ ਸਬੰਧਿਤ ਵਿਭਾਗ ਕੋਲੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਹੋ ਰਹੇ ਹਨ ਅਤੇ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਕੋਰੀਡੋਰ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਵੀ ਪ੍ਰਕਿਰਿਆ ਚੱਲ ਰਹੀ ਹੈ ਤੇ ਜਲਦ ਹੀ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣਗੇ। ਸਕੱਤਰ ਨੇ ਕਿਹਾ ਕਿ ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਹੈ ਤੇ ਜਿਥੇ ਨਿਰਮਾਣ ਕਾਰਜ ਕੀਤੇ ਜਾਣੇ ਹਨ ਉੱਥੋਂ ਬਿਜਲੀ ਦੀ ਤਾਰਾਂ ਦੀ ਅਦਲਾ ਬਦਲੀ ਕੀਤੀ ਜਾਣੀ ਹੈ। ਇਸੇ ਤਰ੍ਹਾਂ ਜੰਗਲਾਤ ਵਿਭਾਗ ਨਾਲ ਵੀ ਦਰੱਖ਼ਤਾਂ ਆਦਿ ਦੀ ਕਟਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਜ਼ਮੀਨ ਮਾਲਕਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਸਬੰਧੀ ਇਤਰਾਜ ਸੁਣੇ ਜਾ ਰਹੇ ਹਨ ਅਤੇ ਜ਼ਮੀਨ ਮਾਲਕ ਇਤਰਾਜ ਦੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਵਾਜਬ ਕੀਮਤ ਦਿੱਤੀ ਜਾਵੇਗੀ, ਜਿਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ।