ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2022 ਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖਣ ਲੱਗੀ ਹੈ। ਪਾਰਟੀ ਦੇ ਨਵੇਂ ਨਿਯੁਕਤ ਕੀਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਪੰਜਾਬ 'ਚ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪ ਕਰਕੇ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਪੰਜਾਬ ਨੂੰ ਅਕਾਲੀ-ਬੀਜੇਪੀ ਤੇ ਕਾਂਗਰਸ ਨੇ ਵਾਰੀ ਵਾਰੀ ਸੱਤਾ ਚ ਰਹਿੰਦਿਆਂ ਲੁੱਟਿਆ ਤੇ ਬਰਬਾਦ ਕੀਤਾ ਹੈ।
ਰਾਘਵ ਚੱਢਾ ਨੇ ਕਿਹਾ ਹੁਣ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਕਿ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਸਿਰਫ ਇਕ ਪਾਰਟੀ ਹੀ ਲੈਕੇ ਜਾ ਸਕਦੀ ਹੈ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਰਾਘਵ ਚੱਢਾ ਸਹਿ ਇੰਚਾਰਜ ਦੇ ਤੌਰ 'ਤੇ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ 'ਤੇ ਆਏ ਹਨ।
ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਦਾ ਸਾਰਾ ਕਰਜ਼ ਮਾਫ ਕਰਨ, ਘਰ-ਘਰ ਨੌਕਰੀ ਦੇਣ, 4 ਹਫਤਿਆਂ 'ਚ ਨਸ਼ਾ ਖਤਮ ਕਰਨ ਤੋਂ ਇਲਾਵਾ ਹੋਰ ਅਨੇਕਾਂ ਵਾਅਦੇ ਕੀਤੇ ਸਨ। ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸੱਤਾ ਦੇ ਨਸ਼ੇ 'ਚ ਆਪਣੇ ਲੋਕਾਂ ਨੂੰ ਭੁੱਲਣ ਦੇ ਨਾਲ-ਨਾਲ ਪੰਜਾਬ ਦੀ ਜਨਤਾ ਦੇ ਨਾਲ ਕੀਤੇ ਵਾਅਦੇ ਵੀ ਭੁੱਲ ਗਏ ਹਨ।
ਉਨ੍ਹਾਂ ਕਿਹਾ ਜ਼ਮੀਨ ਖੋਹਣ ਵਾਲੇ ਕਾਲੇ ਕਾਨੂੰਨਾਂ ਸਬੰਧੀ ਬਣੀ ਹਾਈ ਪਾਵਰ ਕਮੇਟੀ ਦਾ ਮੈਂਬਰ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਨਾਲ ਗੱਦਾਰੀ ਕਰਦਿਆਂ ਇਸ ਕਾਨੂੰਨ ਨੂੰ ਸਹਿਮਤੀ ਦਿੱਤੀ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਖੇਤੀ ਪ੍ਰਧਾਨ ਸੂਬੇ ਦਾ ਮੁੱਖ ਮੰਤਰੀ ਹੁੰਦਿਆਂ ਵਿਰੋਧ ਕਰਦਿਆਂ ਤੇ ਕਮੇਟੀ ਦਾ ਬਾਈਕਾਟ ਕਰਕੇ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਦੱਸਦੇ।
ਅਕਾਲੀ ਦਲ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਜਦੋਂ ਇਹ ਕਾਲੇ ਕਾਨੂੰਨ ਆਏ ਤਾਂ ਕੁਰਸੀ ਦੇ ਲਾਲਚ ਵੱਸ ਬਾਦਲ ਦਲ ਕੇਂਦਰ ਦੀ ਮੋਦੀ ਸਰਕਾਰ ਦਾ ਹਿੱਸਾ ਰਿਹਾ। ਬਿੱਲ ਆਉਣ ਤੋਂ ਬਾਅਦ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਗੁਣਗਾਣ ਕਰਦਾ ਰਿਹਾ। ਜਦੋਂ ਇਹ ਸੰਸਦ 'ਚ ਪਾਸ ਹੋਣ ਤੋਂ ਬਾਅਦ ਕਾਨੂੰਨ ਬਣੇ ਤਾਂ ਵੀ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਬਣੇ ਰਹੇ। ਪਰ ਜਦੋਂ ਲੋਕਾਂ 'ਚ ਗੁੱਸਾ ਦੇਖਿਆ ਤਾਂ ਮਜਬੂਰੀ 'ਚ ਦੁਖੀ ਮਨ ਨਾਲ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਉਨ੍ਹਾਂ ਕਿਹਾ ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਤੇ ਪੰਜਾਬ ਨੂੰ ਹਨ੍ਹੇਰੇ 'ਚੋਂ ਕੱਢਣ ਲਈ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਕਿਸੇ ਵਿਸ਼ੇਸ਼ ਵਿਅਕਤੀ ਲਈ ਨਹੀਂ ਲੋਕਾਂ ਲਈ ਕੰਮ ਕੀਤਾ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਪੁੱਛ ਸਵਾਲ ਦੇ ਜਵਾਬ 'ਚ ਕਿਹਾ ਕਿ ਪਾਰਟੀ ਵੱਲੋਂ ਛੇਤੀ ਹੀ ਦੱਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ 'ਚੋਂ ਹੀ ਕੋਈ ਹੋਵੇਗਾ। ਅਜਿਹੇ ਵਿਅਕਤੀ ਦਾ ਨਾਂਅ ਮੁੱਖ ਮੰਤਰੀ ਦੇ ਅਹੁਦੇ ਲਈ ਹੋਵੇਗਾ ਜਿਸ 'ਤੇ ਪੰਜਾਬ ਦੀ ਜਨਤਾ ਨੂੰ ਮਾਣ ਹੋਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ