ਸ਼ੰਕਰ ਦਾਸ ਦੀ ਰਿਪੋਰਟ 


ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ  ਰਾਘਵ ਚੱਡੇ ਨੂੰ ਪੰਜਾਬ ਉੱਪਰ ਥੋਪਕੇ ਕੇਜਰੀਵਾਲ ਨੇ ਨਾ ਸਿਰਫ ਭਗਵੰਤ ਮਾਨ ਬਲਕਿ ਉਸਦੀ ਸਮੂਹ ਕੈਬਨਿਟ ਦੇ ਨਾਲ ਨਾਲ ਸਮੁੱਚੇ ਪੰਜਾਬ ਦੀ ਕਾਬਲੀਅਤ ਤੇ ਸਵਾਲ ਖੜਾ ਕੀਤਾ ਹੈ। 


 

ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਸਰਕਾਰ ਦੀ ਇੱਕ ਸਲਾਹਕਾਰ ਕਮੇਟੀ ਬਣਾਈ , ਜਿਸ ਦਾ ਰਾਘਵ ਚੱਢਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।  ਖਹਿਰਾ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ‘ਆਪ’ ਲੀਡਰਸ਼ਿਪ ਨੂੰ ਰਾਘਵ ਚੱਢਾ ਦਾ ਹੁਕਮ ਨਾ ਮੰਨਣ ਦੀ ਅਪੀਲ ਕੀਤੀ ਹੈ।  
 

ਓਧਰ ਭਾਜਪਾ ਨੇ ਵੀ ਰਾਘਵ ਚੱਢਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ 'ਤੇ ਚੁੱਕੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਪਹਿਲੇ ਦਿਨ ਤੋਂ ਹੀ ਕਹਿ ਰਹੀ ਹੈ ਕਿ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚੱਢਾ ਪਿਛਲੇ ਦਰਵਾਜ਼ੇ ਤੋਂ ਸਰਕਾਰ ਚਲਾਉਂਦੇ ਸਨ ਤੇ ਹੁਣ ਉਹ ਖੁੱਲ੍ਹ ਕੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਗੇ।


ਸੂਬਾ ਭਾਜਪਾ ਜਨਰਲ ਸਕੱਤਰ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾ ਸਕਦਾ ਅਤੇ ਪੰਜਾਬ ਦੇ ਲੋਕਾਂ ਨੇ ਚੱਢਾ ਨੂੰ ਮੁੱਖ ਮੰਤਰੀ ਵਜੋਂ ਵੋਟ ਨਹੀਂ ਦਿੱਤੀ, ਜੋ ਤੁਹਾਡਾ ਅਸਲ ਉਦੇਸ਼ ਹੈ। ਉਨ੍ਹਾਂ ‘ਆਪ’ ਲੀਡਰਸ਼ਿਪ ਨੂੰ ਕਿਹਾ ਕਿ ਜਿੰਨੀ ਜਲਦੀ ਤੁਸੀਂ ਇਹ ਫੈਸਲਾ ਵਾਪਸ ਲੈ ਲਵੋ, ਓਨਾ ਹੀ ਚੰਗਾ ਹੈ।

 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ ਅਤੇ ਵਿਰੋਧੀ ਪਾਰਟੀਆਂ ਸਰਕਾਰ ਦੇ ਫ਼ੈਸਲੇ ਉੱਪਰ ਸਵਾਲ ਚੁੱਕ ਰਹੀਆਂ ਹਨ। ਕਈ ਰਾਜਨੀਤਿਕ ਆਗੂ ਇਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਮੰਨ ਰਹੇ ਹਨ।

 

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੇ ਇਸ ਬਦਲਾਅ ਲਈ ਵੋਟ ਨਹੀਂ ਪਾਈ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 'ਆਪ' ਨੂੰ ਇਸ ਫ਼ੈਸਲੇ ਤੋਂ ਬਾਅਦ ਨਿਸ਼ਾਨੇ 'ਤੇ ਲਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਦੇ ਖਾਸ ਰਾਘਵ ਚੱਢਾ ਨੂੰ ਪੰਜਾਬ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਖਿਆ ਕਿ ਸਲਾਹਕਾਰ ਕਮੇਟੀ ਦੇ ਮੁਖੀ ਵਜੋਂ ਰਾਘਵ ਚੱਢਾ ਦੀ ਨਿਯੁਕਤੀ ਸਬੂਤ ਹੈ ਕਿ ਭਗਵੰਤ ਮਾਨ ਕੇਵਲ ਇੱਕ ਰਬੜ ਦੀ ਮੋਹਰ ਵਾਂਗ ਹੀ ਹਨ। ਇਸ ਤੋਂ ਪਹਿਲਾਂ ਵੀ ਅਪ੍ਰੈਲ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ 'ਨਾਲੇਜ ਸ਼ੇਅਰਿੰਗ ਡਾਕੂਮੈਂਟ' ਉਤੇ ਹਸਤਾਖ਼ਰ ਕੀਤੇ ਗਏ ਸਨ ,ਜਿਸ ਤੋਂ ਬਾਅਦ ਵੀ ਵਿਰੋਧੀ ਧਿਰ ਵੱਲੋਂ ਸਵਾਲ ਚੁੱਕੇ ਗਏ ਸਨ।