ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਦੇ ਪਾਰਟੀ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਸ ਹਫਤੇ ਦੇ ਸ਼ੁਰੂ ਵਿੱਚ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਲੜੀਵਾਰ ਮੀਟਿੰਗਾਂ ਦੇ ਵਿਚਕਾਰ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਕਿਹਾ ਕਿ ਮੌਜੂਦਾ ਸਥਿਤੀ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।
ਦਰਅਸਲ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੋ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮੁੱਦੇ ‘ਤੇ ਸਵਾਲਾਂ ਦੇ ਘੇਰੇ ਵਿੱਚ ਹੈ, ਜਦਕਿ ਜਾਖੜ ਦਾ ਕਹਿਣਾ ਹੈ ਕਿ ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਹਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ, "ਮੈਨੂੰ ਉਮੀਦ ਹੈ ਕਿ ਮੌਜੂਦਾ ਸਥਿਤੀ ਜਲਦੀ ਹੱਲ ਹੋ ਜਾਵੇਗੀ। ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਕਾਂਗਰਸ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਫੈਸਲੇ 'ਤੇ ਸਲਾਹ ਦੇ ਰਹੇ ਹਨ।"
ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ‘ਤੇ ਪੁੱਛੇ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ, "ਇਹ ਗੱਲਬਾਤ ਅਤੇ ਆਪਸੀ ਸਹਿਮਤੀ ਦਾ ਹਿੱਸਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਕਿਹਾ ਕਿ ਰਿਪੋਰਟ ਸੌਂਪ ਦਿੱਤੀ ਗਈ ਹੈ, ਜਿਸਦਾ ਜਵਾਬ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 8-10 ਜੁਲਾਈ ਤੱਕ ਦੇਣਾ ਪਵੇਗਾ। ਨਵਜੋਤ ਸਿੰਘ ਸਿੱਧੂ ਤਿੰਨ ਮੈਂਬਰੀ ਪੈਨਲ ਨੂੰ ਆਪਣਾ ਬਿਆਨ ਦੇਣਗੇ।"
ਪੈਨਲ ਦਾ ਗਠਨ
ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਤਿੰਨ ਮੈਂਬਰੀ ਪੈਨਲ ਦਾ ਗਠਨ ਕੀਤਾ ਹੈ। ਇਸ ਪੈਨਲ ਦਾ ਗਠਨ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੀਤਾ ਹੈ। ਪੰਜਾਬ ਕਾਂਗਰਸ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਹ ਉਨ੍ਹਾਂ ਕੁਝ ਸੂਬਿਆਂ ਚੋਂ ਇੱਕ ਹੈ ਜਿੱਥੇ ਪਾਰਟੀ ਸੱਤਾ ਵਿਚ ਹੈ ਅਤੇ ਪਾਰਟੀ ਦੇ ਅੰਦਰ ਫੁੱਟ ਦੇ ਨਤੀਜੇ ਸੂਬੇ ਤੋਂ ਬਾਹਰ ਵੀ ਵੇਖੇ ਜਾ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin