Punjab Government School: ਸਿੱਖਿਆ ਮੰਤਰੀ ਹਰਜੋਤ ਨੇ ਗਰਲਜ਼ ਸਕੂਲ 'ਚ ਮਾਰਿਆ ਛਾਪਾ, ਡਿਊਟੀ 'ਤੇ ਨਸ਼ੇ 'ਚ ਮਿਲਿਆ ਪ੍ਰਿੰਸੀਪਲ, ਮੁਅੱਤਲ
Ropar News: ਸਿੱਖਿਆ ਮੰਤਰੀ ਹਰਜੋਤ ਬੈਂਸ ਆਪਣੇ ਹਲਕੇ ਦੇ ਸਕੂਲਾਂ ਦਾ ਨਿਰੀਖਣ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਪ੍ਰਿੰਸੀਪਲ ਦੇ ਸ਼ਰਾਬ ਪੀ ਕੇ ਸਕੂਲ ਆਉਣ ਦੀ ਸ਼ਿਕਾਇਤ ਮਿਲੀ।

Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਰੋਪੜ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ ਅਚਾਨਕ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਦਾ ਪ੍ਰਿੰਸੀਪਲ ਕੁਲਦੀਪ ਸਿੰਘ ਅਕਸਰ ਸ਼ਰਾਬ ਪੀ ਕੇ ਸਕੂਲ ਆਉਂਦਾ ਹੈ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਸਕੂਲ ਸਟਾਫ ਨੂੰ ਲਾਈ ਫਟਕਾਰ
ਦਰਅਸਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਆਏ ਸਨ। ਇਸ ਦੌਰਾਨ ਉਹ ਪਿੰਡ ਧੀਰ ਦੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹੁੰਚੇ। ਸਕੂਲ ਦੀਆਂ ਸਮੱਸਿਆਵਾਂ ਬਾਰੇ ਜਦੋਂ ਵਿਦਿਆਰਥਣਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬੀ ਆਉਂਦਾ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਸਮੂਹ ਅਧਿਆਪਕਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਫਟਕਾਰ ਲਾਉਂਦੇ ਹੋਏ ਪੁੱਛਿਆ ਕਿ, ਸਕੂਲ ਸਟਾਫ਼ ਵਿੱਚ 20-22 ਵਿਅਕਤੀ ਹੋਣ ਦੇ ਬਾਵਜੂਦ ਪ੍ਰਿੰਸੀਪਲ ਵੱਲੋਂ ਸ਼ਰਾਬ ਪੀ ਕੇ ਆਉਣ ਬਾਰੇ ਉਨ੍ਹਾਂ ਵੱਲੋਂ ਕਦੇ ਕੋਈ ਸ਼ਿਕਾਇਤ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਵਜੂਦ ਇਸ ਦੇ ਕਿ ਇਹ ਲੜਕੀਆਂ ਦਾ ਸਕੂਲ ਹੈ ਫੇਰ ਵੀ ਇਸ ਬਾਰੇ ਕਿਸੇ ਨੇ ਸ਼ਿਕਾਇਤ ਨਹੀਂ ਕੀਤੀ। ਜੇ ਉਹ ਚੈਕਿੰਗ ਲਈ ਨਾ ਆਉਂਦੇ ਤਾਂ ਸੱਚਾਈ ਸਾਹਮਣੇ ਨਹੀਂ ਆਉਣੀ ਸੀ। ਬੱਚਿਆਂ ਨੇ ਪਰੇਸ਼ਾਨ ਹੋ ਕੇ ਸ਼ਿਕਾਇਤ ਦਰਜ ਕਰਵਾਈ ਹੈ।
ਸਿੱਖਿਆ ਨੂੰ show cause notice ਜਾਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਿੰਸੀਪਲ ਦੀ ਸ਼ਿਕਾਇਤ ਨਾ ਕਰਨ ’ਤੇ ਹੋਰਨਾਂ ਅਧਿਆਪਕਾਂ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ, ਇਕ ਵਿਅਕਤੀ ਦੀ ਗਲਤੀ ਨਾਲ ਸਾਰੇ ਸਕੂਲਾਂ ਦਾ ਭਰੋਸਾ ਟੁੱਟ ਜਾਵੇਗਾ। ਸਿੱਖਿਆ ਮੰਤਰੀ ਨੇ ਤੁਰੰਤ ਫੈਸਲਾ ਲੈਂਦਿਆਂ ਸ਼ਰਾਬੀ ਪ੍ਰਿੰਸੀਪਲ ਅਤੇ ਉਸ ਦੇ ਨਾਲ ਆਈ ਮਹਿਲਾ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ, ਜਦਕਿ ਬਾਕੀ ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਸਕੂਲ ਦੇ ਵਿਕਾਸ ਲਈ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇ ਮੀਡੀਆ ਨੂੰ ਇਸ ਗੱਲ ਦਾ ਪਤਾ ਲੱਗ ਜਾਂਦਾ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਕਾਫੀ ਬਦਨਾਮ ਹੋ ਜਾਣੀ ਸੀ, ਇਸ ਲਈ ਗਲਤੀਆਂ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਬਹੁਤ ਜ਼ਰੂਰੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
