Punjab News: ਮਨਪ੍ਰੀਤ ਬਾਦਲ ਨੂੰ ਲੱਭਣ ਲਈ ਲਗਾਤਾਰ ਵੱਜ ਰਹੇ ਨੇ ਛਾਪੇ, ਹਿਮਾਚਲ 'ਚ ਪੰਜਾਬ ਵਿਜੀਲੈਂਸ ਵੱਲੋਂ ਦਬਿਸ਼
Raid in Shimla Manpreet Badal:: ਪੰਜਾਬ ਵਿਜੀਲੈਂਸ ਨੇ ਹਿਮਾਚਲ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
Punjab News: ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਗੁਆਂਢੀ ਰਾਜਾਂ ਵਿੱਚ ਸਵੇਰ ਤੋਂ ਹੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਵੀ ਛਾਪੇਮਾਰੀ ਕੀਤੀ ਹੈ। ਬਠਿੰਡਾ ਵਿੱਚ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਦਾ ਇਹ ਹੁਕਮ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕਰਨ ਤੋਂ ਬਾਅਦ ਆਇਆ ਹੈ।
ਵਿਦੇਸ਼ ਭੱਜਣ ਦੀ ਤਾਕ ਵਿੱਚ ਮਨਪ੍ਰੀਤ ਬਾਦਲ
ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਇਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਸ਼ਿਮਲਾ ਦੇ ਖਲੀਨੀ ਵਿੱਚ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਜਾਣੀ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖਿਲਾਫ ਧਾਰਾ 409, 420, 467, 468, 471, 120, 66 ਸੀਆਈ ਐਕਟ ਤਹਿਤ ਐਫ.ਆਈ.ਆਰ. ਵਿਜੀਲੈਂਸ ਬਿਊਰੋ ਨੇ ਸਾਲ 2021 ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਵਿਜੀਲੈਂਸ ਵੱਲੋਂ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 24 ਜੁਲਾਈ ਨੂੰ ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਸਨ।
ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਵਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਬਠਿੰਡਾ ਵਿੱਚ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਵਰਣਨਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਇਸ ਸਾਲ 19 ਜਨਵਰੀ ਨੂੰ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹਨ।