Rail Roko Andolan: ਦਿੱਲੀ ਨੂੰ ਚਾਲੇ ਪਾਉਣ ਵਾਲੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ। ਇਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। 


ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹੱਕੀ ਕਿਸਾਨ ਮੰਗਾਂ ਖਾਤਰ ਸੰਘਰਸ਼ ਲਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਕੁਚਲਣ ਲਈ ਸੜਕਾਂ ਉੱਤੇ ਕੰਧਾਂ ਕੱਢਣ, ਕਿੱਲ ਗੱਡਣ, ਪੇਂਡੂ ਰਸਤੇ ਜਾਮ ਕਰਨ ਅਤੇ ਇੰਟਰਨੈੱਟ ਬੰਦ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹੀਂ ਡੱਕਣ ਅਤੇ ਉਨ੍ਹਾਂ ਉਤੇ ਅੱਥਰੂ ਗੈਸ, ਲਾਠੀਚਾਰਜ, ਪਲਾਸਟਿਕ ਗੋਲੀਆਂ ਮਾਰਨ ਵਰਗੇ ਜਾਬਰ ਹੱਥਕੰਡੇ ਵਰਤਣ ਵਿਰੁੱਧ ਤਿੱਖਾ ਵਿਸ਼ਾਲ ਰੋਸ ਪ੍ਰਗਟ ਕੀਤਾ ਜਾਵੇਗਾ। 


ਜਿਸ ਦੇ ਲਈ ਅੱਜ 15 ਫਰਵਰੀ ਨੂੰ ਪੰਜਾਬ ਭਰ ਵਿੱਚ 7 ਥਾਵਾਂ ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲਾਂ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮਨਜੀਤ ਸਿੰਘ ਧਨੇਰ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਇਸ ਸੰਘਰਸ਼ ਵਿੱਚ ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਸਾਰੀਆਂ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ, ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਸਕੀਮ ਆਦਿ ਕੀਤੀਆਂ ਜਾ ਰਹੀਆਂ ਭਖਦੀਆਂ ਕਿਸਾਨੀ ਮੰਗਾਂ ਮੰਨੇ ਜਾਣ ਉੱਤੇ ਰੇਲਾਂ ਜਾਮ ਦੇ ਰੋਸ ਪ੍ਰਦਰਸ਼ਨਾਂ ਸਮੇਂ ਪੂਰਾ ਜ਼ੋਰ ਦਿੱਤਾ ਜਾਵੇਗਾ। 


ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਪਰਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਹੈ ਕਿ 16 ਫ਼ਰਵਰੀ ਨੂੰ ਸਰਵਭਾਰਤੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ ਪੂਰੇ ਦੇਸ਼ ਵਿੱਚ ਗ੍ਰਾਮੀਣ ਭਾਰਤ ਬੰਦ ਨੂੰ ਲਾਗੂ ਕਰਨ ਲਈ ਜ਼ੋਰਦਾਰ ਤਿਆਰੀਆਂ ਲਗਾਤਾਰ ਜਾਰੀ ਹਨ।


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।