Punjab News: ਪੰਜਾਬ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਰਕੇ ਹਾਲਾਤ ਵਿਗੜਦੇ ਜਾ ਰਹੇ ਹਨ। ਸੂਬੇ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਦਰਿਆਵਾਂ ਦੇ ਕੰਢਿਆਂ 'ਤੇ ਸਥਿਤ ਹਜ਼ਾਰਾਂ ਏਕੜ ਜ਼ਮੀਨ, ਫਸਲਾਂ ਅਤੇ ਪਿੰਡ ਡੁੱਬ ਗਏ ਹਨ।

ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਸੜਕਾਂ ਅਤੇ ਪੁਲ ਟੁੱਟ ਗਏ ਹਨ। ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਸੇਵਾਵਾਂ ਵੀ ਵਿਘਨ ਪਈਆਂ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਸੁਰੱਖਿਅਤ ਥਾਵਾਂ 'ਤੇ ਪਹੁੰਚ ਰਹੇ ਹਨ। ਲੋਕਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਫਿਰ ਤੋਂ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਵੀਰਵਾਰ ਨੂੰ ਪੰਜਾਬ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।

ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਹਨ। ਇਸ ਤੋਂ ਇਲਾਵਾ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵੀ ਸਥਿਤੀ ਖ਼ਰਾਬ ਹੈ। ਪਿਛਲੇ 24 ਘੰਟਿਆਂ ਵਿੱਚ ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।

ਸਥਿਤੀ ਨੂੰ ਕਾਬੂ ਤੋਂ ਬਾਹਰ ਹੁੰਦੇ ਦੇਖ ਕੇ, ਫੌਜ, ਸੀਮਾ ਸੁਰੱਖਿਆ ਬਲ (BSF), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਹੈਲੀਕਾਪਟਰਾਂ ਦੀ ਵੀ ਵਰਤੋਂ ਕੀਤੀ ਗਈ ਹੈ।

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਅੰਮ੍ਰਿਤਸਰ ਵਿੱਚ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਜ਼ਿਲ੍ਹੇ ਦੇ 40 ਤੋਂ ਵੱਧ ਪਿੰਡ ਹੜ੍ਹਾਂ ਵਿੱਚ ਡੁੱਬ ਗਏ ਹਨ। ਵੀਰਵਾਰ ਨੂੰ ਭਾਰਤੀ ਫੌਜ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਹਾਲੇ ਵੀ ਖਤਰਾ ਬਣਿਆ ਹੋਇਆ ਹੈ।