Today Weather In Punjab And Haryana: ਪੰਜਾਬ ਤੇ ਹਰਿਆਣਾ 'ਚ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ, ਸਕੂਲ ਬੰਦ ਕਰਨ ਦੇ ਹੁਕਮ, ਫੌਜ ਅਲਰਟ 'ਤੇ
Punjab Weather Update: ਪੰਜਾਬ ਦੇ ਡੇਰਾਬੱਸੀ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਦੀ ਹੇਠਲੀ ਮੰਜ਼ਿਲ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ, ਜਿਸ ਕਾਰਨ ਪਾਰਕਿੰਗ ਵਿੱਚ ਖੜ੍ਹੇ ਵਾਹਨ ਡੁੱਬ ਗਏ।
Weather Today In Punjab And Haryana: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਅਧਿਕਾਰੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਗਿਆ। ਅਧਿਕਾਰੀਆਂ ਨੇ ਕੁਝ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮਾਨਸੂਨ ਦੇ ਮੀਂਹ ਨੇ ਦੋਵਾਂ ਸੂਬਿਆਂ ਦੀਆਂ ਮੁੱਖ ਸੜਕਾਂ 'ਤੇ ਆਵਾਜਾਈ ਨੂੰ ਰੋਕ ਦਿੱਤਾ ਤੇ ਉਡਾਣਾਂ ਵਿੱਚ ਦੇਰੀ ਹੋਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਕਈ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਜਿਸ ਵਿੱਚ ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਵੀ ਸ਼ਾਮਲ ਹਨ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਫ਼ੌਜ ਦੇ ਜਵਾਨਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਪੰਜਾਬ ਵਿੱਚ ਦੋ ਦਿਨਾਂ ਤੋਂ ਭਾਰੀ ਮੀਂਹ
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ, ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਖਾਸ ਤੌਰ 'ਤੇ ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਲੋਕਾਂ ਵਿਚਕਾਰ ਜਾਣ ਦੇ ਹੁਕਮ ਦਿੱਤੇ ਗਏ ਹਨ।''
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੀਐਮ ਮਾਨ ਦੀਆਂ ਹਦਾਇਤਾਂ 'ਤੇ ਚੱਲਦਿਆਂ ਜਲ ਸਰੋਤ ਵਿਭਾਗ ਨੇ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਚਾਹੇ ਪਾਣੀ ਦੀ ਸਮੱਸਿਆ ਨੂੰ ਰੋਕਣ ਲਈ ਕਦਮ ਚੁੱਕੇ ਹਨ, ਸਥਿਤੀ ਨਾਲ ਨਜਿੱਠਣ ਦੀ ਤਿਆਰ ਕਰ ਲਈ ਗਈ ਹੈ।
ਰੋਪੜ ਹੈੱਡਵਰਕਸ ਤੋਂ 1.45 ਲੱਖ ਕਿਊਸਿਕ ਛੱਡਿਆ ਗਿਆ ਪਾਣੀ
ਮੀਤ ਹੇਅਰ ਨੇ ਦੱਸਿਆ ਕਿ ਹੈੱਡਕੁਆਰਟਰ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਤੇ ਇਲਾਕੇ 'ਚ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਹਰਿਆਣਾ 'ਚ ਅੰਬਾਲਾ ਜ਼ਿਲ੍ਹੇ 'ਚੋਂ ਲੰਘਦੀਆਂ ਤਿੰਨ ਨਦੀਆਂ ਮਾਰਕੰਡਾ, ਘੱਗਰ ਅਤੇ ਟਾਂਗਰੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ ਛਾਉਣੀ ਨੇੜੇ ਟਾਂਗਰੀ ਤੱਟ ਨੇੜੇ ਰਹਿਣ ਵਾਲੇ ਕਈ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਮੁਤਾਬਕ ਪੰਜਾਬ ਦੇ ਰੋਪੜ ਹੈੱਡਵਰਕਸ ਤੋਂ 1.45 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਸੁਖਨਾ ਝੀਲ ਦੇ ਕੈਚਮੈਂਟ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ। ਘੱਗਰ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ 'ਚ ਐਤਵਾਰ ਨੂੰ ਪਾਣੀ ਦਾ ਪੱਧਰ ਵਧ ਗਿਆ ਹੈ।
ਕੀ ਕਿਹਾ ਮੌਮਸ ਵਿਭਾਗ ਨੇ
ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਪੰਚਕੂਲਾ, ਯਮੁਨਾਨਗਰ, ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਸੋਨੀਪਤ ਸਮੇਤ ਕਈ ਇਲਾਕਿਆਂ ਵਿੱਚ ਲਗਾਤਾਰ ਦੂਜੇ ਦਿਨ ਮੀਂਹ ਪਿਆ, ਜਦਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਮੁਹਾਲੀ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਪਿਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜੋ ਕਿ ਅਧਿਕਾਰੀਆਂ ਦੇ ਨਾਲ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ, ਨੇ ਐਤਵਾਰ ਨੂੰ ਅਰਾਈ ਮਾਜਰਾ ਵਿੱਚ ਵੱਡੀ ਨਦੀ ਦੇ ਕੰਢੇ ਬਣੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਅਤੇ ਹਰਿਆਣਾ 'ਚ ਕਈ ਥਾਵਾਂ 'ਤੇ ਪਾਣੀ ਘਰਾਂ 'ਚ ਦਾਖਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਈ। ਹਰਿਆਣਾ ਦੇ ਅੰਬਾਲਾ 'ਚ ਥੋਕ ਕੱਪੜਾ ਬਾਜ਼ਾਰ ਦੀਆਂ ਕਈ ਦੁਕਾਨਾਂ 'ਚ ਮੀਂਹ ਦਾ ਪਾਣੀ ਵੜ ਗਿਆ।