ਚੰਡੀਗੜ੍ਹ: ਬਾਰਸ਼ ਨੇ ਪੰਜਾਬ ਦੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ। ਝੋਨੇ ਦੀ ਫਸਲ ਵਾਢੀ ਲਈ ਤਿਆਰ ਹੈ ਪਰ ਪਿਛਲੇ ਤਿੰਨ ਦਿਨਾਂ ਤੋਂ ਸ਼ੁਰੂ ਹੋਈ ਬਾਰਸ਼ ਰੁਕਣ ਦਾ ਨਾਂ ਨਹੀਂ ਲਾ ਰਹੀ। ਪੰਜਾਬ ਦੇ ਵੱਡੇ ਹਿੱਸੇ ਵਿੱਚ ਬਾਰਸ਼ ਨੇ ਸਾਉਣੀ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।
ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਪਟਿਆਲਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰੋਪੜ, ਮੋਗਾ, ਸੰਗਰੂਰ ਤੇ ਬਰਨਾਲਾ ਵਿੱਚ ਮੀਂਹ ਪੈਣ ਦੀਆਂ ਰਿਪੋਰਟਾਂ ਹਨ ਪਰ ਸਭ ਤੋਂ ਜ਼ਿਆਦਾ ਨੁਕਸਾਨ ਮੁਹਾਲੀ, ਅੰਮ੍ਰਿਤਸਰ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਹੋਇਆ ਹੈ।
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਕਈ ਮੰਡੀਆਂ ਵਿੱਚ ਤਾਂ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਗਈ ਝੋਨੇ ਦੀ ਫਸਲ ਮੀਂਹ ਦੀ ਭੇਟ ਚੜ੍ਹ ਗਈ। ਜਿਨ੍ਹਾਂ ਖੇਤਰਾਂ ਵਿੱਚ ਝੋਨੇ ਦੀ ਫ਼ਸਲ ਕਟਾਈ ਲਈ ਤਿਆਰ ਸੀ, ਉੱਥੇ ਮੀਂਹ ਕਾਰਨ ਕਟਾਈ ਦਾ ਕੰਮ ਪੱਛੜ ਗਿਆ ਹੈ। ਇਸ ਬੇਮੌਸਮੇ ਮੀਂਹ ਕਰਕੇ ਝੋਨੇ ਦੀ ਫ਼ਸਲ ਵਿੱਚ ਨਮੀ ਵਧਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਮੌਨਸੂਨ ਨੇ ਅਜੇ ਕਈ ਦਿਨ ਇਸ ਖਿੱਤੇ ਵਿੱਚ ਸਰਗਰਮ ਰਹਿਣਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਸਾਢੇ ਚਾਰ ਦਹਾਕਿਆਂ ਬਾਅਦ ਪਹਿਲੀ ਵਾਰੀ ਹੋਇਆ ਹੈ ਕਿ ਮੌਨਸੂਨ ਅਕਤੂਬਰ ਮਹੀਨੇ ਤੱਕ ਦੇਸ਼ ਵਿਚ ਸਰਗਰਮ ਹੈ। ਆਮ ਤੌਰ ’ਤੇ 10 ਤੋਂ 15 ਸਤੰਬਰ ਦਰਮਿਆਨ ਮੌਨਸੂਨ ਵਾਪਸ ਚਲਾ ਜਾਂਦਾ ਹੈ।
ਇਸ ਲਈ ਆਉਣ ਵਾਲੇ ਕੁਝ ਦਿਨ ਹੋਰ ਪੰਜਾਬ ਦੇ ਕਈ ਭਾਗਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਦੱਸਣਾ ਹੈ ਕਿ ਲੁਧਿਆਣਾ ਵਿੱਚ ਸ਼ਾਮ ਤੱਕ 57 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਸ਼ਾਮ ਤੱਕ 35 ਮਿਲੀਮੀਟਰ ਮੀਂਹ ਪਿਆ।
ਇਸ ਤੋਂ ਇਲਾਵਾ ਦੇਸ਼ ਦੇ ਚਾਰ ਸੂਬਿਆਂ ’ਚ ਮੋਹਲੇਧਾਰ ਮੀਂਹ ਮਗਰੋਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿੱਚ 50 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ। ਸਭ ਤੋਂ ਵੱਧ ਜਾਨਾਂ ਉੱਤਰ ਪ੍ਰਦੇਸ਼ ਵਿੱਚ ਗਈਆਂ, ਜਿੱਥੇ 35 ਵਿਅਕਤੀ ਦਮ ਤੋੜ ਗਏ। ਇਸ ਦੌਰਾਨ ਬਿਹਾਰ ਦੀ ਰਾਜਧਾਨੀ ਪਟਨਾ ਦੀਆਂ ਸੜਕਾਂ ਤੇ ਹੋਰ ਖੇਤਰ ਜਲਥਲ ਹੋ ਗਏ ਜਦੋਂਕਿ ਦੋ ਮੰਤਰੀਆਂ ਦੀਆਂ ਰਿਹਾਇਸ਼ਾਂ ਪਾਣੀ ਵਿੱਚ ਡੁੱਬ ਗਈਆਂ। ਇਸ ਦੌਰਾਨ ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਤਿੰਨ-ਤਿੰਨ ਜਦੋਂਕਿ ਜੰਮੂ ਤੇ ਕਸ਼ਮੀਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਪੱਕੇ ਝੋਨੇ 'ਤੇ ਬਾਰਸ਼ ਦਾ ਕਹਿਰ, ਮੌਸਮ ਵਿਭਾਗ ਦੀ ਚੇਤਾਵਨੀ
ਏਬੀਪੀ ਸਾਂਝਾ
Updated at:
29 Sep 2019 11:16 AM (IST)
ਬਾਰਸ਼ ਨੇ ਪੰਜਾਬ ਦੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ। ਝੋਨੇ ਦੀ ਫਸਲ ਵਾਢੀ ਲਈ ਤਿਆਰ ਹੈ ਪਰ ਪਿਛਲੇ ਤਿੰਨ ਦਿਨਾਂ ਤੋਂ ਸ਼ੁਰੂ ਹੋਈ ਬਾਰਸ਼ ਰੁਕਣ ਦਾ ਨਾਂ ਨਹੀਂ ਲਾ ਰਹੀ। ਪੰਜਾਬ ਦੇ ਵੱਡੇ ਹਿੱਸੇ ਵਿੱਚ ਬਾਰਸ਼ ਨੇ ਸਾਉਣੀ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।
- - - - - - - - - Advertisement - - - - - - - - -