Rain in Punjab: ਪੰਜਾਬ ਅੰਦਰ ਮੌਸਮ ਨੇ ਇੱਕ ਵਾਰ ਮੁੜ ਕਿਸਾਨਾਂ ਨੂੰ ਝੰਬ ਸੁੱਟਿਆ ਹੈ। ਬਾਰਸ਼ ਤੇ ਝੱਖੜ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਅਗਲੇ ਦਿਨਾਂ ਅੰਦਰ ਹੋਰ ਬਾਰਸ਼ ਹੋ ਸਕਦੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 13 ਅਕਤੂਬਰ ਤੋਂ ਮੁੜ ਮੌਸਮ ਖਰਾਬ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਵਿਗਾੜ ਦੇ ਚਲਦਿਆਂ 13 ਤੋਂ 16 ਅਕਤੂਬਰ ਤੱਕ ਮੌਸਮ ਖਰਾਬ ਹੋ ਸਕਦਾ ਹੈ। 



ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਮੰਗਲਵਾਰ ਰਾਤ ਕਈ ਇਲਾਕਿਆਂ ’ਚ ਝੱਖੜ ਤੇ ਤੇਜ਼ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ। ਝੱਖੜ ਤੇ ਮੀਂਹ ਕਰਕੇ ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਵਿਛ ਗਈਆਂ, ਉਥੇ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਵੀ ਭਿੱਜ ਗਿਆ। ਇਸ ਕਰਕੇ ਕਿਸਾਨਾਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। 


ਪਟਿਆਲਾ ਤੇ ਫਤਿਹਗੜ੍ਹ ਸਾਹਿਬ ’ਚ ਪਏ ਭਾਰੀ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਮੀਂਹ ਕਰਕੇ ਝੋਨੇ ਦੀ ਵਾਢੀ ’ਚ ਦੇਰੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਸੂਬੇ ’ਚ ਮੀਂਹ ਤੇ ਝੱਖੜ ਕਰਕੇ ਫਸਲਾਂ ਦੇ ਖਰਾਬੇ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। 


ਮੰਡੀਆਂ ਵਿੱਚ ਝੋਨਾ ਭਿਜਣ ਕਰਕੇ ਸੂਬਾ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫਸਲ ਹੱਥੋ-ਹੱਥ ਖਰੀਦਣ ਦੇ ਹੁਕਮ ਦਿੱਤੇ ਸਨ। ਕਈ ਥਾਵਾਂ ’ਤੇ ਫ਼ਸਲਾਂ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਹਾਸਲ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 23.3 ਮਿਲੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਫਤਿਹਗੜ੍ਹ ਸਾਹਿਬ ’ਚ 19 ਐਮਐਮ ਮੀਂਹ ਪਿਆ। ਮੀਂਹ ਪੈਣ ਕਰਕੇ ਦੋਵਾਂ ਸ਼ਹਿਰਾਂ ’ਚ ਹਰ ਪਾਸੇ ਪਾਣੀ ਜਮ੍ਹਾਂ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। 


ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ’ਚ 4 ਐਮਐਮ, ਅੰਮ੍ਰਿਤਸਰ 17.6, ਲੁਧਿਆਣਾ 13.8, ਪਠਾਨਕੋਟ 5.6, ਗੁਰਦਾਸਪੁਰ 12.5, ਨਵਾਂ ਸ਼ਹਿਰ 3, ਬਰਨਾਲਾ 1.5, ਫਿਰੋਜ਼ਪੁਰ 12.5, ਜਲੰਧਰ 16.5, ਮੁਹਾਲੀ 2.5 ਤੇ ਰੋਪੜ ਵਿੱਚ 2.5 ਐਮਐਮ ਮੀਂਹ ਪਿਆ ਹੈ। 


ਸੂਬੇ ਵਿੱਚ ਲੰਘੀ ਰਾਤ ਪਏ ਮੀਂਹ ਕਰਕੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ 24 ਘੰਟਿਆਂ ਦੌਰਾਨ ਸੂਬੇ ’ਚ ਵੱਧ ਤੋਂ ਵੱਧ ਤਾਪਮਾਨ ’ਚ 2 ਤੋਂ 4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 2 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।