ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਸਵੇਰ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
Rain in Punjab: ਪੰਜਾਬ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਲੋਕਾਂ ਜਿੱਥੇ ਗਰਮੀ ਕਰਕੇ ਪਰੇਸ਼ਾਨ ਸਨ, ਉੱਥੇ ਹੀ ਮੀਂਹ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।

Rain in Punjab: ਪੰਜਾਬ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਲੋਕਾਂ ਜਿੱਥੇ ਗਰਮੀ ਕਰਕੇ ਪਰੇਸ਼ਾਨ ਸਨ, ਉੱਥੇ ਹੀ ਮੀਂਹ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ 6 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਉੱਥੇ ਹੀ ਕਈ ਥਾਵਾਂ ‘ਤੇ 1 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਹੁਣ ਜਿਸ ਤੋਂ ਬਾਅਦ ਫਤਿਹਗੜ੍ਹ ਸਾਹਿਬ, ਮੋਹਾਲੀ, ਖਰੜ, ਲੁਧਿਆਣਾ ਪੂਰਬੀ, ਰੂਪ ਨਗਰ ਅਤੇ ਨਵਾਂਸ਼ਹਿਰ ਸਣੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਅਗਲੇ 7 ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਿਤੇ ਨਾ ਕਿਤੇ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਪਰੇਸ਼ਾਨੀ ਹੋ ਰਹੀ ਹੈ, ਕਿਉਂਕਿ ਮੀਂਹ ਪੈਣ ਨਾਲ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਲੰਬੇ-ਲੰਬੇ ਜਾਮ ਲੱਗ ਗਏ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੋਮਵਾਰ ਸ਼ਾਮ ਤੱਕ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਜਿਸ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਬਠਿੰਡਾ ਵਿੱਚ ਦਰਜ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 9 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਵਿਚੋਂ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਵੀ ਰਿਹਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿ ਸਕਦੀ ਹੈ।






















