ਰੌਬਟ ਦੀ ਰਿਪੋਰਟ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੱਧੂ ਹੁਣ ਸੁਨੀਲ ਜਾਖੜ ਤੋਂ ਚਾਰਜ ਲੈਣਗੇ। ਦੱਸ ਦੇਈਏ ਕਿ ਲੰਬੀ ਕਸਰਤ ਤੋਂ ਬਾਅਦ ਸਿੱਧੂ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲੀ ਹੈ। ਹਾਲਾਂਕਿ ਹਾਈ ਕਮਾਨ ਦੇ ਇਸ ਫੈਸਲੇ ਤੋਂ ਕੈਪਟਨ ਅਮਰਿੰਦਰ ਸਿੰਘ ਨਾਖੁਸ਼ ਹਨ ਪਰ ਪਾਰਟੀ ਦੇ ਬਹੁਤ ਸਾਰੇ ਮੈਂਬਰ ਸਿੱਧੂ ਦੀ ਇਸ ਨਿਯੁਕਤੀ ਦਾ ਸਵਾਗਤ ਕਰ ਰਹੇ ਹਨ।
ਸੁਖਪਾਲ ਖਹਿਰਾ ਨੇ ਵੀ ਸਿੱਧੂ ਦਾ ਪ੍ਰਧਾਨ ਬਣਨ ਤੇ ਸਵਾਗਤ ਕੀਤਾ ਹੈ। ਖਹਿਰਾ ਨੇ ਟਵੀਟ ਕਰ ਕਿਹਾ, "ਮੈਂ ਨਵਜੋਤ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਾ ਹਾਂ। ਮੈਨੂੰ ਯਕੀਨ ਹੈ ਸਿੱਧੂ ਹੁਣ ਚੀਫ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ ਤੇ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ।"
ਉਨ੍ਹਾਂ ਕਿਹਾ, "ਇਸ ਦੇ ਨਾਲ ਹੀ ਮੈਂ ਚਾਰਾਂ ਕਾਰਜਕਾਰੀ ਪ੍ਰਧਾਨਾਂ ਦਾ ਵੀ ਸਵਾਗਤ ਕਰਦਾ ਹਾਂ ਤੇ ਉਮੀਦ ਕਰਦਾ ਹਾਂ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।"
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਗਿੱਦੜਬਾਹਾ ਤੋਂ MLA ਰਾਜਾ ਵੜਿੰਗ ਤੇ ਜ਼ੀਰਾ ਤੋਂ MLA ਕੁਲਬੀਰ ਜ਼ੀਰਾ ਨਵੇਂ ਪ੍ਰਧਾਨ ਨੂੰ ਵਧਾਈ ਦੇਣ ਪਹੁੰਚੇ ਸੀ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਅਗਲੇ ਸਾਲ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੀ ਸਥਿਤੀ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਆਉਣ ਵਾਲੇ ਸਮੇਂ ਵਿੱਚ ਸਿੱਧੂ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹੋਣਗੀਆਂ, ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਵੇਗਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਿੱਧੂ ਨੂੰ ਸ਼ਾਇਦ ਪੰਜਾਬ ਕਾਂਗਰਸ ਦੀ ਕਮਾਨ ਮਿਲ ਜਾਵੇਗੀ। ਖਬਰਾਂ ਇਹ ਵੀ ਸਾਹਮਣੇ ਆਈਆਂ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦੇ ਫੈਸਲੇ ਤੋਂ ਨਾਰਾਜ਼ ਸਨ ਪਰ ਆਖਰਕਾਰ ਸਿੱਧੂ ਨੇ ਇਹ 'ਮੈਚ' ਜਿੱਤ ਲਿਆ।
ਇੱਥੋਂ ਤਕ ਕਿ ਐਤਵਾਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਧੜੇ ਦੇ ਸੰਸਦ ਮੈਂਬਰਾਂ ਦੀ ਇੱਕ ਬੈਠਕ ਦਿੱਲੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਹੋਈ। ਕੈਪਟਨ ਦੇ ਧੜੇ ਤੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਿੱਧੂ ਨੂੰ ਇਕ ‘ਜੋਕਰ’ ਕਰਾਰ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਰਾਜ ਵਿਚ ਪਾਰਟੀ ਦੀ ਕਮਾਨ ਨਾ ਦਿੱਤੀ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ