ਗਿੱਦੜਬਾਹਾ: ਐਤਵਾਰ ਨੂੰ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ ਦੇ ਅੜਿੱਕੇ ਆ ਗਏ। ਕਿਸਾਨਾਂ ਨੇ ਰਾਜਾ ਵੜਿੰਗ ਨੂੰ ਘੇਰ ਲਿਆ ਤੇ ਤਿੱਖੇ ਸਵਾਲ ਕੀਤੇ। ਵਿਧਾਇਕ ਨੇ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਪਰ ਲੋਕ ਇਸ ਤੋਂ ਸੰਤੁਸ਼ਟ ਨਹੀਂ ਹੋਏ। ਰਾਜਾ ਵੜਿੰਗ ਇੱਥੇ ਪਾਰਕ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਆਏ ਸੀ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਜੰਮ ਕੇ ਕਾਂਗਰਸੀ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਦਰਅਸਲ ਪਾਰਕ ਦਾ ਉਤਘਾਟਨ ਕਰਨ ਆ ਰਹੇ ਹਲਕਾ ਵਿਧਾਇਕ ਦੀ ਆਮਦ ਦੀ ਸੂਹ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਭਾਈ ਦੀ ਅਗਵਾਈ ਹੇਠ ਕਿਸਾਨ ਪਾਰਕ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਵਿਧਾਇਕ ਰਾਜਾ ਵੜਿੰਗ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜਿਉਂ ਹੀ ਕਿਸਾਨ ਰਾਜਾ ਵੜਿੰਗ ਦੇ ਘਿਰਾਓ ਲਈ ਅੱਗੇ ਵਧੇ ਤਾਂ ਪਹਿਲਾਂ ਤੋਂ ਮੌਜੂਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰੋਗਰਾਮ ਵਾਲੀ ਜਗ੍ਹਾ ਤੋਂ 500 ਮੀਟਰ ਦੀ ਦੂਰੀ ’ਤੇ ਹੀ ਰੋਕ ਦਿੱਤਾ। ਕਿਸਾਨਾਂ ਨੇ ਉੱਥੇ ਖੜ੍ਹ ਕੇ ਹੀ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਦਾ ਰੋਸ ਸੀ ਕਿ ਕਿਸੇ ਵੀ ਸਿਆਸੀ ਆਗੂ ਨੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਨਹੀਂ ਉਠਾਈ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨੇੜੇ ਹੋਣ ਕਾਰਨ ਸਿਆਸੀ ਧਿਰ ਦੇ ਆਗੂ ਵੀ ਪਿੰਡਾਂ ਤੇ ਸ਼ਹਿਰਾਂ ਵਿੱਚ ਗੇੜੇ ਮਾਰਨ ਲੱਗੇ ਹਨ, ਜਦਕਿ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕਰਕੇ ਸੱਤਾ ਵਿੱਚ ਆਈ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਵਿਰੋਧ ਪ੍ਰਦਰਸ਼ਨ ਮਗਰੋਂ ਰਾਜਾ ਵੜਿੰਗ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਕਿਸਾਨਾਂ ਦੇ ਸੁਆਲਾਂ ਦੇ ਜੁਆਬ ਦਿੱਤੇ। ਕਿਸਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਘਰ-ਘਰ ਰੁਜ਼ਗਾਰ ਦੇਣ ਤੇ ਬੇਰੁਜ਼ਗਾਰ ਭੱਤਾ ਦੇਣ ਸਮੇਤ ਅਨੇਕਾਂ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ। ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਲਈ ਕਾਂਗਰਸ ਸਰਕਾਰ ਐਮਐਸਪੀ ਲੈ ਕੇ ਆਈ, ਕਾਂਗਰਸ ਨੇ ਕੇਂਦਰੀ ਬਿੱਲਾਂ ਦੇ ਵਿਰੋਧ ਵਿੱਚ ਵਿਧਾਨ ਸਭਾ ’ਚ ਖੇਤੀ ਕਾਨੂੰਨ ਰੱਦ ਕਰਨ ਲਈ ਕਾਨੂੰਨ ਬਣਾਏ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ ਤੇ ਖੜ੍ਹੇਗੀ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ। ਵਿਧਾਇਕ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਉਹ ਆਮ ਕਿਸਾਨ ਵਾਂਗ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਵੀ ਤਿਆਰ ਹੈ।