Punjab News: ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਵਧਾਉਣ ਵਾਲੀ ਹੋਰ ਘਟਨਾ ਸਾਹਮਣੇ ਆਈ ਹੈ। ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਕਤਲ ਦੀ ਧਮਕੀ ਮਿਲੀ ਹੈ। ਇਹ ਧਮਕੀ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਦਿੱਤੀ ਗਈ ਹੈ। ਇਸ ਤੋਂ ਬਾਅਦ ਲਗਾਤਾਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ।

ਇਸ ਨੂੰ ਲੈ ਕੇ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਦੇ ਸਪੁੱਤਰ ਨੂੰ ਸ਼ਰੇਆਮ ਧਮਕੀ ਦੇਣਾ ਬੇਹੱਦ ਨਿੰਦਣਯੋਗ ਵਰਤਾਰਾ ਹੈ। ਇਸ ਨਾਲ ਤੁਸੀਂ ਸੋਚ ਸਕਦੇ ਹੋ ਕੇ ਪੰਜਾਬ ਦੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇੰਝ ਜਾਪਦਾ ਹੈ ਕਿ ਉਹ ਤਾਂ ਗੈਂਗਸਟਰਾਂ ਦੇ ਰਹਿਮੋ ਕਰਮ ਉੱਤੇ ਹੀ ਜਿਉਂਦੇ ਹਨ।

ਵੜਿੰਗ ਨੇ ਕਿਹਾ ਕਿ ਇਸ ਨਾਲ ਇਹ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਿਲਕੁਲ ਡੋਬ ਕੇ ਰੱਖ ਦਿੱਤਾ ਹੈ। ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਜਿਵੇਂ ਰੰਧਾਵਾ ਸਾਬ ਨੇ ਵੀ ਕਿਹਾ ਕਿ ਅਸੀਂ ਡਰਾਂਗੇ ਨਹੀਂ, ਪਰ ਇਸਦਾ ਮਤਲਬ ਇਹ ਬਿਲਕੁਲ ਨਹੀਂ ਹੈ ਕਿ ਪੰਜਾਬ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਜਾਵੇ।

ਦੱਸ ਦਈਏ ਕਿ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲੀ ਧਮਕੀ ਬਾਰੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਤੁਰੰਤ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਖਰਾਬ ਹੋ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਧਮਕੀ ਦੇ ਖੁਲਾਸੇ ਤੋਂ ਬਾਅਦ ਇਹ ਮਾਮਲਾ ਰਾਜਨੀਤਿਕ ਸਰਗਰਮੀਆਂ 'ਚ ਚਰਚਾ ਦਾ ਕੇਂਦਰ ਬਣ ਗਿਆ ਹੈ। ਪੰਜਾਬ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਇਹ ਸਾਫ਼ ਨਹੀਂ ਹੋਇਆ ਕਿ ਧਮਕੀ ਕਿਵੇਂ ਅਤੇ ਕਦੋਂ ਦਿੱਤੀ ਗਈ।

ਦੱਸਣਯੋਗ ਹੈ ਕਿ ਰੰਧਾਵਾ ਪਹਿਲਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਲਗਾਤਾਰ ਗੈਂਗਸਟਰਾਂ ਵੱਲੋਂ ਫਿਰੌਤੀ ਮੰਗਣ ਜਾਂ ਹੋਰ ਅਪਰਾਧਾਂ ਦੇ ਮਾਮਲੇ ਚੁੱਕਦੇ ਰਹੇ ਹਨ।