ਫ਼ਾਜ਼ਿਲਕਾ: ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਬੀਜੇਪੀ ਲੀਡਰਾਂ ਖਿਲਾਫ ਕਾਂਗਰਸੀ ਵੀ ਡਟ ਗਏ ਹਨ। ਅੱਜ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੀ ਰਿਹਾਇਸ਼ ਬਾਰ ਕਾਂਗਰਸ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਪਹੁੰਚੇ।

ਦੱਸ ਦਈਏ ਕਿ ਜਿਆਣੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਬਣਾਈ ਗਈ ਭਾਜਪਾ ਦੀ ਕਮੇਟੀ ਦੇ ਚੈਅਰਮੈਨ ਹਨ। ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਨੇ ਵੀ ਇਸ ਦੀ ਹਮਾਇਤ ਕੀਤੀ ਹੈ।

ਇਸ ਤਹਿਤ ਕਾਂਗਰਸ ਵੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਰੰਜਮ ਕਮਰਾ ਦੀ ਅਗਵਾਈ ਵਿੱਚ ਸੁਰਜੀਤ ਜਿਆਣੀ ਦੀ ਕੋਠੀ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਰਾਜਾ ਵੜਿੰਗ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸੁਰਜੀਤ ਜਿਆਣੀ ਨੂੰ ਕਿਸਾਨੀ ਹਿੱਤਾਂ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸਾਨੀ ਝੰਡੇ ਨੂੰ ਫੜਨਾ ਚਾਹੀਦਾ ਹੈ।