ਗੁਜਰਾਤੀ ਭੈਣਾਂ ਨੂੰ ਬੇਨਤੀ ਕਿ ਕੇਜਰੀਵਾਲ ਨੂੰ ਪੁੱਛੋ ਕੀ 'ਆਪ' ਸਰਕਾਰ ਨੇ ਪੰਜਾਬ 'ਚ ਔਰਤਾਂ ਨੂੰ 1000 ਰੁਪਏ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ: ਰਾਜਾ ਵੜਿੰਗ
ਸ਼ੰਕਰ ਦਾਸ ਦੀ ਰਿਪੋਰਟ
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ 'ਆਪ' 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ਪ੍ਰਤੀ ਮਹੀਨਾ 1,000 ਰੁਪਏ ਟਰਾਂਸਫਰ ਕਰੇਗੀ। ਇਸ ਉੱਪਰ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ।
ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰ ਰਹੇ ਹਨ, ਜੇਕਰ ਆਮ ਆਦਮੀ ਪਾਰਟੀ ਉਥੇ ਸਰਕਾਰ ਬਣਾਉਂਦੀ ਹੈ।
ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਗੁਜਰਾਤੀ ਭੈਣਾਂ ਨੂੰ ਮੇਰੀ ਬੇਨਤੀ ਹੈ ਕਿ ਅਰਵਿੰਦ ਜੀ ਨੂੰ ਪੁੱਛੋ ਕਿ ਕੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਵੇਂ ਕਿ ਉਹ ਹੁਣ ਗੁਜਰਾਤ ਵਿੱਚ ਵਾਅਦਾ ਕਰ ਰਹੇ ਹਨ।
ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਦੇ ਹੋਏ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਜੇਕਰ ਉਹਨਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ 'ਆਪ' 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ਪ੍ਰਤੀ ਮਹੀਨਾ 1,000 ਰੁਪਏ ਟਰਾਂਸਫਰ ਕਰੇਗੀ ਪਰ ਅਜੇ ਤੱਕ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।