Punjab News: ਭਾਰਤ ਅਤੇ ਕੈਨੇਡਾ ਵਿਚਾਲੇ ਪੈਦਾ ਹੋਏ ਵਿਵਾਦ ਦੇ ਵਿਚਕਾਰ ਹੁਣ ਦੋਵਾਂ ਦੇਸ਼ਾਂ ਵਿਚਾਲੇ ਬੇਮਿਸਾਲ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਥਿਤੀ ਆਪਣੇ ਸਭ ਤੋਂ ਖਰਾਬ ਦੌਰ 'ਚੋਂ ਲੰਘ ਰਹੀ ਹੈ। ਇਸ ਮੌਕੇ ਪੰਜਾਬ ਦੇ ਲੀਡਰਾਂ ਵੱਲੋਂ ਲਗਾਤਾਰ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਇਸ ਮੌਕੇ ਰਾਜਾ ਵੜਿੰਗ ਨੇ ਵੀ ਦੋਵਾਂ ਦੇਸ਼ਾਂ ਨੂੰ ਮਸਲਾ ਹੱਲ ਕਰਨ ਦੀ ਬੇਨਤੀ ਕੀਤੀ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, ਪੰਜਾਬੀਆਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਵੱਧ ਰਹੀਆਂ ਘਟਨਾਵਾਂ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਸਨ ਅਤੇ ਹੁਣ ਭਾਰਤ-ਕੈਨੇਡਾ ਦੀ ਕੂਟਨੀਤਕ ਵਿਵਾਦ ਨੇ ਉਨ੍ਹਾਂ ਮਾਪਿਆਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਖੁਸ਼ਹਾਲ ਅਤੇ ਸੁਰੱਖਿਅਤ ਭਵਿੱਖ ਲਈ ਵਿਦੇਸ਼ਾਂ ਵਿੱਚ ਭੇਜਿਆ ਹੈ। ਮੈਂ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕਰਦਾਂ ਹਾਂ ਕਿ ਇਸ ਮੁੱਦੇ ਨੂੰ ਕੈਨੇਡਾ ਵਿੱਚ ਆਪਣੇ ਹਮਰੁਤਬਾ ਨਾਲ ਮਿਲਕੇ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ। ਇਸ ਤਣਾਅਪੂਰਨ ਸਥਿਤੀ ਦੇ ਦੌਰਾਨ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਵਰਣਨਯੋਗ ਹੈ ਕਿ ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਇਸ ਤਣਾਅ ਦਾ ਭਾਰਤ 'ਤੇ ਕੀ ਅਸਰ ਪਵੇਗਾ?
ਭਾਰਤ ਅਤੇ ਕੈਨੇਡਾ ਦਰਮਿਆਨ ਵਪਾਰ, ਸਿੱਖਿਆ, ਪ੍ਰਵਾਸ ਅਤੇ ਸੈਰ-ਸਪਾਟੇ ਦਾ ਅਦਾਨ-ਪ੍ਰਦਾਨ ਹੁੰਦਾ ਹੈ। ਪਰਮਾਣੂ ਸਹਿਯੋਗ, ਦੋਹਰੇ ਟੈਕਸ, ਵਿਗਿਆਨ ਅਤੇ ਤਕਨਾਲੋਜੀ, ਖੇਤੀਬਾੜੀ, ਊਰਜਾ, ਸਿੱਖਿਆ ਬਾਰੇ ਭਾਰਤ ਅਤੇ ਕੈਨੇਡਾ ਦਰਮਿਆਨ ਕੁਝ ਸਮਝੌਤੇ ਅਤੇ ਦੁਵੱਲੇ ਸਮਝੌਤੇ ਵੀ ਹਨ। ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਪੜ੍ਹਦੇ ਹਨ। ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸਾਲ 2022 ਤੱਕ ਭਾਰਤ ਦੇ 13 ਲੱਖ 24 ਹਜ਼ਾਰ ਤੋਂ ਵੱਧ ਵਿਦਿਆਰਥੀ ਵਿਦੇਸ਼ ਵਿੱਚ ਪੜ੍ਹ ਰਹੇ ਸਨ, ਜਿਨ੍ਹਾਂ ਵਿੱਚੋਂ 1 ਲੱਖ 83 ਹਜ਼ਾਰ ਤੋਂ ਵੱਧ ਵਿਦਿਆਰਥੀ ਇਕੱਲੇ ਕੈਨੇਡਾ ਵਿੱਚ ਪੜ੍ਹ ਰਹੇ ਹਨ।