ਸ਼੍ਰੋਮਣੀ ਕਮੇਟੀ ਦੇ ਭਰੋਸੇ ਮਗਰੋਂ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ
ਏਬੀਪੀ ਸਾਂਝਾ | 20 Jul 2018 05:37 PM (IST)
ਪਟਿਆਲਾ: ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਉਸ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ। ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਫਾਂਸੀ ਨੂੰ ਉਮਰ ਕੈਦ 'ਚ ਤਬਦੀਲ ਕਰਨ ਲਈ ਰਾਸ਼ਟਰਪਤੀ ਕੋਲ ਪਾਈ ਗਈ ਅਰਜ਼ੀ 'ਤੇ ਸਹੀ ਪੈਰਵੀ ਨਾ ਕਰਨ ਕਰਕੇ ਭੁੱਖ ਹੜਤਾਲ ਕੀਤੀ ਸੀ। ਰਾਜੋਆਣਾ ਦੀ ਭੁੱਖ ਹੜਤਾਲ ਮਗਰੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦਾ ਵਫਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਸੀ। ਉਸ ਤੋਂ ਬਾਅਦ ਭੁੱਖ ਹੜਤਾਲ ਦੇ ਪੰਜਵੇ ਦਿਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰੀ ਜੇਲ੍ਹ ਪਟਿਆਲਾ ਪਹੁੰਚ ਕੇ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਲੌਂਗੋਵਾਲ ਵੱਲੋਂ ਇੱਕ ਚਿੱਠੀ ਰਾਜੋਆਣਾ ਨੂੰ ਦਿੱਤੀ ਗਈ ਜਿਸ 'ਤੇ ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ 45 ਦਿਨ ਤਕ ਅਰਜ਼ੀ ਦੀ ਅਪੀਲ 'ਤੇ ਕੋਈ ਨਾ ਕੋਈ ਫੈਸਲਾ ਆਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਪਹੁੰਚੀ ਜਿੱਥੇ ਉਨ੍ਹਾਂ ਰਾਜੋਆਣਾ ਨੂੰ ਜੂਸ ਤੇ ਖਿਚੜੀ ਖਵਾ ਕੇ ਭੁੱਖ ਹੜਤਾਲ ਸਮਾਪਤ ਕਰਵਾਈ। ਬੀਬੀ ਕਮਲਦੀਪ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 45 ਦਿਨਾਂ ਦੇ ਦਿੱਤੇ ਗਏ ਸਮੇਂ ਤੋਂ ਬਾਅਦ ਹੀ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਸਮਾਪਤ ਕੀਤੀ ਹੈ।