ਜ਼ੀਰਾ : ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਕਰੀਬ ਇਕ ਮਹੀਨੇ ਤੋਂ ਨਜ਼ਦੀਕੀ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਇਸ ਸ਼ਰਾਬ ਫੈਕਟਰੀ ਵਿੱਚੋਂ ਨਿਕਲਣ ਵਾਲਾ ਵੇਸਟੇਜ ਪਾਣੀ ਸ਼ਰਾਬ ਫੈਕਟਰੀ ਮਾਲਕਾਂ ਵੱਲੋਂ ਧਰਤੀ ਵਿੱਚ ਮਿਲਾਇਆ ਜਾ ਰਿਹਾ ਹੈ। 

 

ਜਿਸ ਕਾਰਨ ਉਨ੍ਹਾਂ ਦੇ ਪਿੰਡਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਜਿਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਟੀਮ ਸਮੇਤ  ਸ਼ਰਾਬ ਫੈਕਟਰੀ ਵਿਖੇ ਪਹੁੰਚੇ ਅਤੇ ਸੈਂਪਲ ਭਰਵਾਏ ਗਏ ਹਨ।   


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਐੱਨ.ਜੀ.ਟੀ ਦੀ ਟੀਮ ਵੱਲੋਂ ਸੈਂਪਲ ਭਰ ਲਏ ਗਏ ਹਨ ਅਤੇ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਇੱਕ ਇਨਸਾਨ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।

 

ਦੱਸ ਦੇਈਏ ਕਿ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਸਥਿਤ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਫੈਕਟਰੀ ਦੇ ਗੇਟ ਅੱਗੇ ਕਿਸਾਨ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਧਰਨਾ ਲਗਾਇਆ ਹੋਇਆ ਹੈ। ਬੀਤੇ ਦਿਨੀਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮੁੱਖ ਚੌਕ ਜ਼ੀਰਾ ਤੋਂ ਰੋਸ ਮਾਰਚ ਕੀਤਾ ਗਿਆ।

 

ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਫੈਕਟਰੀ ਵੱਲੋਂ ਲੰਮੇ ਸਮੇਂ ਤੋਂ ਇਲਾਕੇ ਦੇ ਪੌਣ ਪਾਣੀ ਨੂੰ ਦੂਸ਼ਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਇਸ ਫੈਕਟਰੀ ਵੱਲੋਂ ਗੰਦਾ ਪਾਣੀ ਧਰਤੀ ਵਿੱਚ ਪਾਇਆ ਜਾ ਰਿਹਾ ਹੈ, ਜਿਸ ਨਾਲ ਹੁਣ ਕਈ ਪਿੰਡਾਂ ਵਿੱਚ ਧਰਤੀ ਹੇਠੋਂ ਦੂਸ਼ਿਤ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ।

 

ਇਨ੍ਹਾਂ ਆਗੂਆਂ ਨੇ ਕਿਹਾ ਕਿ ਫੈਕਟਰੀ ਇਲਾਕੇ ਨੂੰ ਕੈਂਸਰ ਅਤੇ ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਵੰਡ ਰਹੀ ਹੈ।  ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਸ਼ਰਾਬ ਫੈਕਟਰੀ ਪਾਣੀ ਨੂੰ ਗੰਦਾ ਕਰ ਰਹੀ ਹੈ ਤਾਂ ਇਸ ਨੂੰ ਬੰਦ ਕਰਵਾਇਆ ਜਾਵੇਗਾ।