ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਮਹਿੰਗੇ ਪੈਟਰੋਲ-ਡੀਜ਼ਲ ਦਾ ਮੁੱਦਾ ਉਠਾਇਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਨੇ ਪਿਛਲੇ 6 ਸਾਲਾਂ 𝟏𝟔 ਲੱਖ ਕਰੋੜ ਐਕਸਾਈਜ਼ ਡਿਊਟੀ ਤੋਂ ਇਕੱਠੇ ਕੀਤੇ ਹਨ ਤਾਂ ਫਿਰ ਵੀ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਤੇ ਮਹਿੰਗਾ ਦੁੱਧ-ਦਹੀ-ਆਟਾ ਕਿਉਂ ਖਰੀਦਣਾ ਪੈ ਰਿਹਾ ਹੈ?
ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਾਇਰ ਕੀਤੇ ਗਏ ਮੇਰੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪਿਛਲੇ 6 ਸਾਲਾਂ ਵਿੱਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਵੱਧ ਐਕਸਾਈਜ਼ ਡਿਊਟੀ ਇਕੱਠੀ ਕੀਤੀ ਹੈ। ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੀ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਤੇ ਮਹਿੰਗਾ ਦੁੱਧ-ਦਹੀ-ਆਟਾ ਖਰੀਦਣਾ ਪਵੇਗਾ?
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਘਵ ਚੱਢਾ ਨੇ ਐਮਐਸਪੀ ਕਮੇਟੀ `ਤੇ ਤਿੱਖੇ ਨਿਸ਼ਾਨੇ ਸਾਧੇ ਸੀ। ਉਨ੍ਹਾਂ ਕਿਹਾ ਸੀ ਕਿ "ਭਾਜਪਾ ਸਰਕਾਰ ਨੇ ਜਾਣਬੁੱਝ ਕੇ ਉਸ ਸੂਬੇ ਨੂੰ ਕਮੇਟੀ ਤੋਂ ਬਾਹਰ ਰੱਖਿਆ ਜਿਸ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਅਤੇ ਭਾਜਪਾ ਸਰਕਾਰ ਨੂੰ ਇਸ ਕਮੇਟੀ ਦੇ ਗਠਨ ਲਈ ਮਜ਼ਬੂਰ ਕੀਤਾ।"
ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਕਮੇਟੀ ਵਿੱਚ ਪੰਜਾਬ ਦੀ ਗ਼ੈਰ-ਮੌਜੂਦਗੀ, ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜ਼ਿਆਦਾਤਰ ਮੈਂਬਰ ਉਹ ਹਨ ਜਿਨ੍ਹਾਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਲਈ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਸੀ।