Ram Rahim Parole: ਚੋਣਾਂ ਤੋਂ ਪਹਿਲਾਂ ਜੇਲ੍ਹ 'ਚੋਂ ਬਾਹਰ ਆਏਗਾ ਰਾਮ ਰਹੀਮ? ਹਾਈਕੋਰਟ ਅੱਗੇ ਰੱਖੀ ਇਹ ਮੰਗ
ਸਾਧਵੀ ਜਿਨਸੀ ਸ਼ੋਸ਼ਣ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ 'ਤੇ ਪਾਬੰਦੀ ਲਾਉਣ ਵਾਲੇ ਹੁਕਮ ਨੂੰ ਹਟਾਵੇ।
Ram Rahim Parole: ਪੰਜਾਬ ਤੇ ਹਰਿਆਣਾ ਅੰਦਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਸਾਧਵੀ ਜਿਨਸੀ ਸ਼ੋਸ਼ਣ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ 'ਤੇ ਪਾਬੰਦੀ ਲਾਉਣ ਵਾਲੇ ਹੁਕਮ ਨੂੰ ਹਟਾਵੇ। ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਲਈ ਯੋਗ ਹੈ। ਉਹ ਇਸ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ 'ਚੋਂ ਬਾਹਰ ਲਿਆਉਣ 'ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ 'ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ ।
ਉਧਰ, ਰਾਮ ਰਹੀਮ ਨੇ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਹੈ ਕਿ ਪੈਰੋਲ ਤੇ ਫਰਲੋ ਦੇਣ ਦਾ ਉਦੇਸ਼ ਸੁਧਾਰਾਤਮਕ ਪ੍ਰਕਿਰਤੀ ਦਾ ਹੈ ਤੇ ਦੋਸ਼ੀ ਨੂੰ ਪਰਿਵਾਰ ਤੇ ਸਮਾਜ ਨਾਲ ਆਪਣੇ ਸਮਾਜਿਕ ਸਬੰਧ ਬਣਾਏ ਰੱਖਣ ਦੇ ਯੋਗ ਬਣਾਉਣਾ ਹੈ। ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ 2022 ਤਹਿਤ, ਯੋਗ ਦੋਸ਼ੀਆਂ ਨੂੰ ਹਰ ਕੈਲੰਡਰ ਸਾਲ ਵਿੱਚ 70 ਦਿਨਾਂ ਦੀ ਪੈਰੋਲ ਤੇ 21 ਦਿਨਾਂ ਦੀ ਫਰਲੋ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।
ਇਹ ਵੀ ਕਿਹਾ ਗਿਆ ਹੈ ਕਿ ਨਿਯਮ ਕਿਸੇ ਵੀ ਦੋਸ਼ੀ ਨੂੰ ਪੈਰੋਲ ਤੇ ਫਰਲੋ ਦੇਣ ਦੀ ਮਨਾਹੀ ਨਹੀਂ ਕਰਦੇ ਜਿਸ ਨੂੰ ਉਮਰ ਕੈਦ ਤੇ ਇੱਕ ਨਿਸ਼ਚਿਤ ਮਿਆਦ ਦੀ ਸਜ਼ਾ ਵਾਲੇ ਤਿੰਨ ਜਾਂ ਵੱਧ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਤੇ ਸਜ਼ਾ ਸੁਣਾਈ ਗਈ ਹੈ।
ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵਾਰ ਚੋਣਾਂ ਦੌਰਾਨ ਪੈਰੋਲ ਨਹੀਂ ਦਿੱਤੀ, ਜਦੋਂਕਿ ਹੁਣ ਤੱਕ ਉਹ 2022 ਤੋਂ 6 ਫਰਲੋ ਤੇ 3 ਪੈਰੋਲਾਂ ਨਾਲ 192 ਦਿਨਾਂ ਲਈ ਬਾਹਰ ਆਇਆ ਹੈ।