Ram Rahim Case: ਸਿਰਸਾ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਾਈ ਪਟੀਸ਼ਨ 'ਤੇ ਪੰਜਾਬ ਸਰਕਾਰ ਆਪਣਾ ਜਵਾਬ ਪੇਸ਼ ਕਰੇਗੀ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਨੇ ਬੇਅਦਬੀ ਮਾਮਲਿਆਂ 'ਚ ਨਿੱਜੀ ਤੌਰ 'ਤੇ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਡੇਰਾ ਮੁਖੀ ਦੀ ਵਕੀਲ ਕਨਿਕਾ ਆਹੂਜਾ ਨੇ ਬਾਜਾਖਾਨਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 117 ਤੇ 128 ਵਿੱਚ ਰਾਮ ਰਹੀਮ ਲਈ ਰਾਹਤ ਦੀ ਮੰਗ ਕੀਤੀ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਦੀ ਬੈਂਚ ਵਿੱਚ ਹੋਵੇਗੀ। ਪੰਜਾਬ ਪੁਲਿਸ ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਰਹੀ ਹੈ।
ਇਸੇ ਤਰ੍ਹਾਂ ਦੀ ਮੰਗ ਪਿਛਲੇ ਸਾਲ ਵੀ ਕੀਤੀ ਗਈ ਸੀ। ਫਰੀਦਕੋਟ ਦੀ ਅਦਾਲਤ ਵੱਲੋਂ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸੀ ਪਰ ਹਾਈ ਕੋਰਟ ਨੇ ਸਪੱਸ਼ਟ ਕਿਹਾ ਸੀ ਕਿ ਸੁਰੱਖਿਆ ਕਾਰਨਾਂ ਕਰਕੇ ਡੇਰਾ ਮੁਖੀ ਨੂੰ ਪੰਜਾਬ ਨਹੀਂ ਭੇਜਿਆ ਜਾ ਸਕਦਾ। ਅਜਿਹੇ 'ਚ ਪੰਜਾਬ ਪੁਲਿਸ ਦੀ ਐਸਆਈਟੀ ਸੁਨਾਰੀਆ ਜੇਲ੍ਹ ਗਈ, ਪਰ ਪੁੱਛਗਿੱਛ 'ਚ ਕੁਝ ਜ਼ਿਆਦਾ ਨਹੀਂ ਨਿਕਲਿਆ।
ਪੰਜਾਬ ਪੁਲਿਸ ਨੇ ਧਾਰਮਿਕ ਗ੍ਰੰਥਾਂ ਦੀ ਚੋਰੀ, ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਬੇਅਦਬੀ ਬਾਰੇ ਹੱਥ ਲਿਖਤ ਪੋਸਟਰ ਲਾਉਣ ਤੇ ਧਾਰਮਿਕ ਗ੍ਰੰਥ ਦੇ ਪੰਨੇ ਪਾੜ ਕੇ ਬੇਅਦਬੀ ਦੇ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਐਸਆਈਟੀ ਦਾ ਗਠਨ ਕੀਤਾ ਸੀ। ਇਨ੍ਹਾਂ ਕੇਸਾਂ ਵਿੱਚ ਕੁਝ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਡੇਰਾ ਮੁਖੀ ਨੂੰ ਐਸਆਈਟੀ ਨੇ ਦੋਸ਼ੀ ਮੰਨਿਆ ਹੈ।
ਦੱਸ ਦਈਏ ਕਿ ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਨੇ 2017 ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਵੀ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕਰੀਬ 400 ਸਾਧੂਆਂ ਨੂੰ ਨਪੁੰਸ਼ਕ ਬਣਾਉਣ ਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਤੇ ਸੁਣਵਾਈ ਚੱਲ ਰਹੀ ਹੈ।
ਇਹ ਵੀ ਪੜ੍ਹੋ: LSG vs MI, IPL 2022: ਕੇਐਲ ਰਾਹੁਲ ਨੇ IPL 'ਚ ਮਚਇਆ ਗੱਦਰ, ਸੀਜ਼ਨ ਦਾ ਦੂਜਾ ਸੈਂਕੜਾ ਲਗਾ ਬਣਾਇਆ ਇਤਿਹਾਸ