ਗੁਰਦਾਸਪੁਰ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ, ਬਲਕਿ ਉਨ੍ਹਾਂ ਦਾ ਮੱਤਭੇਦ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਕਰਤਾਰਪੁਰ ਸਾਹਿਬ ਆ ਕੇ ਸ਼੍ਰੋਮਣੀ ਕਮੇਟੀ ਦੀ ਗੱਲ ਕਰਨਗੇ ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਰਅਸਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਬਾਜਵਾ ਦੀ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਤੋਂ ਬਾਅਦ ਅੱਜ ਤਾਜਪੋਸ਼ੀ ਕੀਤੀ ਗਈ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਸੁਖਜਿੰਦਰ ਰੰਧਾਵਾ ਵੱਲੋਂ ਰਵੀਨੰਦਨ ਸਿੰਘ ਨੂੰ ਕੁਰਸੀ 'ਤੇ ਬਿਠਾਇਆ ਗਿਆ। ਇਸ ਮੌਕੇ ਰੰਧਾਵਾ ਨੇ ਉਕਤ ਬਿਆਨ ਦਿੱਤਾ।
ਰੰਧਾਵਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਏ ਜਾਣ 'ਤੇ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ ਉਨ੍ਹਾਂ ਦਾ ਮੱਤਭੇਦ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 550 ਸਾਲਾ ਪ੍ਰਕਾਸ਼ ਪੁਰਬ 'ਤੇ ਕਰਵਾਏ ਜਾ ਰਹੇ ਸਮਾਗਮਾਂ 'ਤੇ ਆਪਣਾ ਕਬਜ਼ਾ ਜਮਾਉਣਾ ਚਾਹੁੰਦੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਇਹ ਸਾਂਝੀ ਸਟੇਜ ਹੈ।