ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 4 ਅਕਤੂਬਰ ਨੂੰ ਐਸਜੀਪੀਸੀ ਵੱਲੋਂ ਬੁਲਾਈ ਬੈਠਕ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਐਸਜੀਪੀਸੀ ਤੇ ਪੰਜਾਬ ਸਰਕਾਰ ਵਿਚਾਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਮਾਗਮਾਂ ਲਈ ਤਾਲਮੇਲ ਨਹੀਂ ਬੈਠ ਰਿਹਾ। ਸਰਕਾਰ ਨੇ ਪ੍ਰਕਾਸ਼ ਪੁਰਬ ਦੇ ਸਮਾਗਮ ਸਾਂਝੇ ਤੌਰ ਤੇ ਮਨਾਉਣ ਲਈ ਤਾਲਮੇਲ ਕਮੇਟੀ ਬਣਾਈ ਸੀ ਪਰ ਲਗਾਤਾਰ ਬੈਠਕਾਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੇ ਐਸਜੀਪੀਸੀ ਸਾਂਝੇ ਰਾਹ 'ਤੇ ਤੁਰਨ ਲਈ ਤਿਆਰ ਨਹੀਂ ਹੋ ਰਹੀਆਂ।


ਚਾਰ ਅਕਤੂਬਰ ਨੂੰ ਐਸਜੀਪੀਸੀ ਵੱਲੋਂ ਬੈਠਕ ਸੱਦੀ ਗਈ ਪਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ। ਹਾਲਾਂਕਿ ਰੰਧਾਵਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਦੀ ਅਗਵਾਈ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਐਸਜੀਪੀਸੀ ਨਾਲ ਪਿਛਲੀ ਵਾਰ ਹੋਈ ਬੈਠਕ ਤੋਂ ਖਫਾ ਰਹਿੰਦੇ ਹਨ।


ਰੰਧਾਵਾ ਨੇ ਕਿਹਾ ਕਿ ਪਿਛਲੀ ਬੈਠਕ ਤੋਂ ਬਾਅਦ SGPC ਪ੍ਰਧਾਨ ਮੰਤਰੀ ਨੂੰ ਇਕੱਲੇ ਜਾ ਕੇ ਸੱਦਾ ਦਿੰਦੀ ਹੈ ਜਿਸ ਤੋਂ ਐਸਜੀਪੀਸੀ ਦੀ ਮਨਸ਼ਾ ਸਾਫ਼ ਨਜ਼ਰ ਆਉਂਦੀ ਹੈ। ਹਾਲਾਂਕਿ ਐਸਜੀਪੀਸੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ਸੁਖਜਿੰਦਰ ਰੰਧਾਵਾ ਪਿੱਛੇ ਸਟੈਂਡ ਲੈਂਦੇ ਹਨ ਜਾਂ ਨਹੀਂ।