Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ 'ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਾਰਟੀ ਦੇ ਟਕਸਾਲੀ ਲੀਡਰ ਸਨ।

 

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ 3 ਦਿਨਾਂ ਤੋਂ ਚੰਡੀਗੜ੍ਹ ਪੀਜੀਆਈ ਵਿੱਚ ਦਾਖ਼ਲ ਸਨ, ਜਿਨ੍ਹਾਂ ਨੇ ਅੱਜ ਆਖ਼ਰੀ ਸਾਹ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਤਰਨਤਾਰਨ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ। 

 


ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਸਰਪੰਚ ਚੋਣਾਂ ਤੋਂ ਕੀਤੀ ਸੀ ਅਤੇ ਸ਼ੁਰੂ ਤੋਂ ਹੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਹਨ। ਰਣਜੀਤ ਸਿੰਘ ਬ੍ਰਹਮਪੁਰਾ 4 ਵਾਰ ਵਿਧਾਇਕ, ਦੋ ਵਾਰ ਕੈਬਨਿਟ ਮੰਤਰੀ ਅਤੇ ਇੱਕ ਵਾਰ ਐਮ.ਪੀ. ਰਹੇ ਹਨ। ਉਨ੍ਹਾਂ ਨੂੰ ਮਾਝੇ ਦਾ ਜਰਨੈਲ ਵੀ ਕਿਹਾ ਜਾਂਦਾ ਸੀ।

 


 

ਰਣਜੀਤ ਸਿੰਘ ਲੰਮੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਭ ਤੋਂ ਵੱਡੇ ਆਗੂ ਰਹੇ ਹਨ ਪਰ 2019 'ਚ ਰਣਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਵਿੱਚ ਚਲੇ ਗਏ ਸੀ ਪਰ ਬਾਅਦ ਵਿੱਚ ਉਨ੍ਹਾਂ ਨੇ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਸੀ ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਉਨ੍ਹਾਂ ਦੇ ਪੁੱਤਰ ਦੀ ਥਾਂ ਤਰਨਤਾਰਨ ਦੀ ਖਡੂਰ ਸਭਾ ਸੀਟ ਤੋਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ।