ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਲੀਡਰਾਂ ਨੇ ਸਰਗਰਮੀ ਵਿੱਢ ਦਿੱਤੀ ਹੈ। ਸੋਮਵਾਰ ਨੂੰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਥੇਦਾਰ ਕੋਲ ਪੰਥਕ ਮਸਲੇ ਉਠਾਏ।

ਬ੍ਰਹਮਪੁਰਾ ਜਥੇਦਾਰ ਦੀ ਅਕਾਲ ਤਖ਼ਤ ਸਾਹਿਬ ’ਤੇ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਮਿਲੇ ਹਨ। ਉਨ੍ਹਾਂ ਨੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਧਾਰਮਿਕ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ ਬਹਾਲ ਕਰਨ। ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਵੀ ਜਥੇਦਾਰ ਨਾਲ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦੇਣ ਵਾਲੇ ਆਗੂਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਹੋਂਦ ’ਚ ਆਇਆ ਸੀ ਪਰ ਪਿਛਲੇ ਕੁਝ ਸਾਲਾਂ ਤੋਂ ਪਾਰਟੀ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਪਾਸੇ ਕਰਕੇ ਪੰਥਕ ਸੋਚ ਵਾਲੇ ਆਗੂਆਂ ਨੂੰ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ। ਯਾਦ ਰਹੇ ਟਕਸਾਲੀ ਲੀਡਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਕਾਰਜਸ਼ੈਲੀ ਦਾ ਵਿਰੋਧ ਕਰ ਰਹੇ ਹਨ।