ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਬਾਗ਼ੀ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਵਿਰੁੱਧ ਵੱਡੀ ਕਾਰਵਾਈ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਨੇ ਦੋਵਾਂ ਬਾਗ਼ੀ ਲੀਡਰਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰਨ ਤੋਂ ਬਾਅਦ ਮਾਝੇ ਦੇ ਬਾਗ਼ੀ ਲੀਡਰਾਂ ਵਿਰੁੱਧ ਇਹ ਵੱਡੀ ਕਾਰਵਾਈ ਹੈ। ਐਤਵਾਰ ਨੂੰ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸੱਦੀ ਗਈ ਸੀ, ਜਿਸ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਹੋਰ ਲੀਡਰ ਵੀ ਸ਼ਾਮਲ ਹੋਏ ਸਨ।
ਮਾਝੇ ਦੇ ਤਿੰਨੇ ਟਕਸਾਲੀ ਲੀਡਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਮਜੀਠੀਆ ਵਿਰੁੱਧ ਖੁੱਲ੍ਹਾ ਮੋਰਚਾ ਖੋਲ੍ਹਿਆ ਹੋਇਆ ਸੀ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਪਾਰਟੀ ਦੀਆਂ ਅਹੁਦੇਦਾਰੀਆਂ ਤਿਆਗਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਹਲਾ ਸਾਹਿਬ ਵਿਖੇ ਵੱਡੀ ਰੈਲੀ ਵੀ ਕੀਤੀ ਸੀ ਤੇ ਸੁਖਬੀਰ ਬਾਦਲ ਦੀ ਪ੍ਰਧਾਨਗੀ 'ਤੇ ਸਵਾਲ ਚੁੱਕੇ ਸਨ।
ਇਸ ਤੋਂ ਪਹਿਲਾਂ ਬੀਤੀ ਤਿੰਨ ਨਵੰਬਰ ਨੂੰ ਸੇਵਾ ਸਿੰਘ ਸੇਖਵਾਂ ਨੇ ਵੀ ਸੁਖਬੀਰ ਬਾਦਲ ਉਤੇ ਕਈ ਗੰਭੀਰ ਦੋਸ਼ ਲਾਉਂਦਿਆਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਅਕਾਲੀ ਦਲ ਨੇ ਉਨ੍ਹਾਂ ਨੂੰ ਕੱਢੇ ਜਾਣ ਦੀ ਸ਼ੁਰਲੀ ਵੀ ਛੱਡੀ ਸੀ। ਸੁਖਬੀਰ ਬਾਦਲ ਦੇ ਇਸ ਕਦਮ ਤੋਂ ਬਾਅਦ ਲਗਾਤਾਰ ਨਿੱਘਰਦੇ ਆ ਰਹੇ ਅਕਾਲੀ ਦਲ ਦਾ ਸੰਕਟ ਬੇਹੱਦ ਗੰਭੀਰ ਬਣ ਸਕਦਾ ਹੈ।