ਅੰਮ੍ਰਿਤਸਰ: ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਅਸਤੀਫ਼ਾ ਦੇਣ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਤੋਂ ਬਰਖ਼ਾਸਤ ਕਰਨ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਐਲਾਨ ਕੀਤਾ ਹੈ ਕਿ ਉਹ ਵੀ ਅਜਿਹੇ ਹਸ਼ਰ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੋ ਵੀ ਸੱਚ ਬੋਲੇਗਾ ਉਸ ਨੂੰ ਇਸੇ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪਵੇਗਾ।

ਟਕਸਾਲੀ ਅਕਾਲੀ ਲੀਡਰ ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਜੇਕਰ ਸੇਖਵਾਂ ਵਾਂਗਰ ਉਨ੍ਹਾਂ ਨੂੰ ਵੀ ਜਦ ਮਰਜ਼ੀ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਜਾਵੇ, ਕੋਈ ਫਰਕ ਨਹੀਂ ਪੈਂਦਾ, ਪਰ ਉਹ ਸੱਚ ਬੋਲਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸਿਆਸੀ ਦਬਾਅ ਖ਼ਤਮ ਕੀਤੇ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਖਾਸੇ ਰਗੜੇ ਲਾਏ।

ਬ੍ਰਹਮਪੁਰਾ ਨੇ ਕਿਹਾ ਕਿ ਮੇਰੇ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਤੁਹਾਨੂੰ ਮਿਲਣਾ ਚਾਹੁੰਦੇ ਹਨ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਨੂੰ ਹੀ ਮਿਲਣਗੇ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਜਦੋਂ ਦਾ ਉਨ੍ਹਾਂ ਅਸਤੀਫ਼ਾ ਦਿੱਤਾ ਹੈ, ਨੀਂਦ ਚੈਨ ਨਾਲ ਆਉਂਦੀ ਹੈ, ਪਹਿਲਾਂ ਮਨ 'ਤੇ ਬੋਝ ਜਿਹਾ ਰਹਿੰਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਭਲਕੇ ਯਾਨੀ 4 ਨਵੰਬਰ ਨੂੰ ਖਡੂਰ ਸਾਹਿਬ ਵਿੱਚ ਉਨ੍ਹਾਂ ਵਰਕਰਾਂ ਨਾਲ ਮੀਟਿੰਗ ਰੱਖੀ ਗਈ ਸੀ ਜਿਸ ਵਿੱਚ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ।

ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਚੁਰਾਸੀ ਕਤਲੇਆਮ ਪੀੜਤਾਂ ਲਈ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਦਾ ਘਿਰਾਓ ਕਰਨ ਨੂੰ ਵੀ ਜਾਇਜ਼ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ 34 ਸਾਲ ਹੋ ਗਏ ਦਿੱਲੀ ਵਿੱਚ ਸਿੱਖ ਕਤਲੇਆਮ ਨੂੰ ਅਤੇ ਹੁਣ ਧਰਨੇ ਲਗਾਉਣ ਦਾ ਕੀ ਮਤਲਬ? ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝਦਾਰ ਹੋ ਗਏ ਹਨ ਹੁਣ ਉਹ ਇਸ ਤਰ੍ਹਾਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ।