ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਬਾਦਲ ਨੂੰ ਖਰੀਆਂ-ਖਰੀਆਂ
ਏਬੀਪੀ ਸਾਂਝਾ | 14 May 2018 11:38 AM (IST)
ਚੰਡੀਗੜ੍ਹ: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਿਹਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਵੱਈਏ ਤੋਂ ਖੁਸ਼ ਨਹੀਂ। ਕਮਿਸ਼ਨ ਦਾ ਕਹਿਣਾ ਹੈ ਕਿ ਬਾਦਲ ਦੇ ਰਵੱਈਏ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਆਖਿਆ ਜਾ ਸਕਦਾ। ਦਰਅਸਲ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਰਾਜ ਵਿੱਚ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦੇਣ ਲਈ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਕਮਿਸ਼ਨ ਨੇ ਬਾਦਲ ਦੀ ਨੋਟਿਸ ਵਾਪਸ ਲੈਣ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਹੈ। ਕਮਿਸ਼ਨ ਨੇ ਬਾਦਲ ਨੂੰ ਭੇਜੇ ਜਵਾਬ ਵਿੱਚ ਕਿਹਾ ਕਿ ਉਹ ਉੁਸ ਵੇਲੇ ਰਾਜ ਦੇ ਮੁੱਖ ਮੰਤਰੀ ਸਨ ਜਿਸ ਕਰਕੇ ਉਹ ਇਨ੍ਹਾਂ ਮਾਮਲਿਆਂ ਬਾਰੇ ਜਾਣਕਾਰੀ ਦੇਣ ਦੀ ਸਥਿਤੀ ਵਿੱਚ ਸਨ। ਹਾਲਾਂਕਿ ਬਾਦਲ ਨੇ ਇਸ ਬਿਨਾਅ ’ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਮਾਨਤਾ ਨਹੀਂ ਦਿੰਦਾ ਤੇ ਇਸ ਲਈ ਉਹ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਣਗੇ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਜੇ ਇਸ ਤਰ੍ਹਾਂ ਦੀ ਖੁੱਲ੍ਹ ਕਿਸੇ ਵਿਅਕਤੀ ਨੂੰ ਦੇ ਦਿੱਤੀ ਜਾਂਦੀ ਹੈ ਤਾਂ ਜਾਂਚ ਕਮਿਸ਼ਨ ਦਾ ਮੰਤਵ ਹੀ ਖਤਮ ਹੋ ਜਾਂਦਾ ਹੈ। ਕਮਿਸ਼ਨ ਨੂੰ ਇੱਕ ਜ਼ਿੰਮਾ ਸੌਂਪਿਆ ਗਿਆ ਹੈ ਤੇ ਉਹ ਪੂਰੀ ਇਮਾਨਦਾਰੀ, ਸੁਹਿਰਦਤਾ ਤੇ ਤਨਦੇਹੀ ਨਾਲ ਇਸ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਜ਼ਿੰਮੇਵਾਰੀ ਤੋਂ ਭੱਜਣਾ ਕਾਇਰਾਂ ਦੀ ਨਿਸ਼ਾਨੀ ਹੁੰਦੀ ਹੈ।