ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ 'ਤੇ ਬਾਦਲ ਖੇਡਣਗੇ ਨਵੀਂ ਸਿਆਸਤ!
ਏਬੀਪੀ ਸਾਂਝਾ | 19 Oct 2018 03:47 PM (IST)
ਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਤੋਂ ਬਾਅਦ ਬਾਦਲ ਇਸ 'ਤੇ ਨਵੀਂ ਸਿਆਸਤ ਖੇਡਣਗੇ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਇਲਜ਼ਾਮ ਲਾਉਂਦੇ ਕਿਹਾ ਕਿ ਇਸ ਅਸਤੀਫੇ ਪਿੱਛੇ ਵੀ ਬਾਦਲਾਂ ਦੇ ਹਿੱਤ ਹਨ। ਹੁਣ ਬਾਦਲ ਆਪਣੇ ਆਪ ਨੂੰ ਨਿਰਦੋਸ਼ ਦੱਸ ਕੇ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦੇ ਹੱਥਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਰੇ ਜਥੇਦਾਰ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਦੋਂ ਤੱਕ ਬਾਦਲ ਪਰਿਵਾਰ ਦੇ ਕਬਜ਼ੇ ਵਿੱਚੋਂ ਬਾਹਰ ਨਹੀਂ ਨਿਕਲਦੀ ਸਿੱਖ ਕੌਮ ਦਾ ਸੁਧਾਰ ਨਹੀਂ ਹੋ ਪਾਏਗਾ। ਉਨ੍ਹਾਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਵੀ ਪ੍ਰਕਾਸ਼ ਸਿੰਘ ਬਾਦਲ ਦੀ ਬੋਲੀ ਹੀ ਬੋਲਦੇ ਸੀ।