Punjab News: ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।
ਇੱਕ ਵੀਡੀਓ ਸੰਦੇਸ਼ ਵਿੱਚ ਡੱਲੇਵਾਲ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਕਿਹਾ, "ਤੁਹਾਡੀ ਸਿਹਤ ਜ਼ਿਆਦਾ ਮਹੱਤਵਪੂਰਨ ਹੈ ਅਤੇ ਤੁਹਾਡੀ ਜ਼ਿੰਦਗੀ ਪੰਜਾਬ ਦੇ ਲੋਕਾਂ ਲਈ ਕੀਮਤੀ ਹੈ ਕਿਉਂਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ਲਈ ਤੁਹਾਡੀ ਅਗਵਾਈ ਦੀ ਹਮੇਸ਼ਾ ਲੋੜ ਰਹੇਗੀ।"
ਬਿੱਟੂ ਨੇ ਕਿਹਾ ਕਿ ਲੋਕ ਸਭਾ ਸੈਸ਼ਨ ਦੌਰਾਨ ਸਾਰੇ ਭਾਜਪਾ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਡੱਲੇਵਾਲ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ 'ਤੇ ਕਈ ਮੀਟਿੰਗਾਂ ਕੀਤੀਆਂ ਹਨ ਅਤੇ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ, ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣ ਦੀ ਅਪੀਲ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ, ਕਿਉਂਕਿ ਉਹ ਵੀ ਇੱਕ ਕਿਸਾਨ ਪਰਿਵਾਰ ਤੋਂ ਸਬੰਧਤ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਸਨ। ਉਨ੍ਹਾਂ ਕਾਮਨਾ ਕੀਤੀ ਕਿ ਡੱਲੇਵਾਲ ਆਪਣੇ ਮਿਸ਼ਨ ਵਿੱਚ ਸਫਲ ਹੋਣ ਅਤੇ ਲੰਬੇ ਸਮੇਂ ਤੱਕ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਡੱਲੇਵਾਲ 4 ਮਈ ਨੂੰ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਆਪਣਾ ਵਰਤ ਖਤਮ ਕਰ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।