ਲੁਧਿਆਣਾ: ਸਾਂਸਦ ਰਵਨੀਤ ਸਿੰਘ ਬਿੱਟੂ ਨੇ ਬੀਬੀਐਮਬੀ ਦੇ ਮੁੱਦੇ 'ਤੇ ਕੇਂਦਰ ਤੇ ਸੂਬਾ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਬਿੱਟੂ ਨੇ ਕਿਹਾ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਜ਼ੋਰਾਂ 'ਤੇ ਹੈ। ਉਨ੍ਹਾਂ ਸੂਬਾ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। 


ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਬੀਬੀਐਮਬੀ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐੱਮਬੀ ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਅਮੈਂਡਮੈਂਟ ਦੇ ਖ਼ਿਲਾਫ਼ ਮਤਾ ਲਿਆਉਣ ਦੀ ਲੋੜ ਸੀ ਜੋ ਨਹੀਂ ਲੈ ਕੇ ਆਏ ਹਨ। 


ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੇ ਦੋ ਦਿਨ ਰਹਿ ਗਏ ਹਨ ਉਸ ਵਿਚ ਉਹ ਅਪੀਲ ਕਰਦੇ ਹਨ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਅਮੈਂਡਮੈਂਟ ਦੇ ਖ਼ਿਲਾਫ਼ ਮਤਾ ਪਾਸ ਕਰੇ ਅਤੇ ਬਾਕੀ ਪਾਰਟੀਆਂ ਦੇ ਵਿਧਾਇਕ ਵੀ ਇਸ ਤੇ ਸਾਥ ਦੇਣ। 


ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਈਨਿੰਗ ਦਾ ਗੈਰਕਾਨੂੰਨੀ ਕਾਰੋਬਾਰ ਜ਼ੋਰਾਂ ਤੇ ਹੈ। ਹੁਣ ਤਾਂ ਬੀਐੱਸਐੱਫ ਦੇ ਅਧਿਕਾਰੀ ਵੀ ਇਹ ਕਹਿਣ ਲੱਗ ਪਏ ਹਨ ਕਿ ਬਾਰਡਰ ਏਰੀਆ ਵਿਚ ਗੈਰਕਾਨੂੰਨੀ ਮਾਈਨਿੰਗ ਕਾਰਨ ਬੀਐਸਐਫ ਨੇ ਬੰਕਰ ਤਬਾਹ ਹੋ ਰਹੇ ਹਨ।


ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਗਲਤੀਆਂ ਕਾਰਨ ਹੀ ਸਿਮਰਜੀਤ ਮਾਨ ਜੋ ਨਾ ਤਾਂ ਦੇਸ਼ ਦੇ ਸੰਵਿਧਾਨ ਨੂੰ ਮੰਨਦੇ ਹਨ ਅਤੇ ਨਾ ਹੀ ਭਗਤ ਸਿੰਘ ਨੂੰ ਫਿਰ ਵੀ ਸੰਗਰੂਰ ਤੋਂ ਜਿੱਤ ਜਾਂਦੇ ਹਨ। ਉੱਥੇ ਹੀ ਬੰਦੀ ਸਿੰਘਾਂ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਐਸਜੀਪੀਸੀ ਸਿਰਫ ਬੰਦੀ ਸਿੰਘਾਂ ਦੇ ਨਾਮ ਤੇ ਸਿਆਸਤ ਕਰਦੀ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਐਸਜੀਪੀਸੀ ਦੀਆਂ ਚੋਣਾਂ ਜਲਦ ਕਰਵਾਉਣ।