ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

 

ਦਰਅਸਲ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਐਤਵਾਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਫੋਨ ਆਇਆ ਅਤੇ ਧਮਕੀ ਦੇਣ ਵਾਲੇ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ 'ਚ ਰੁਕਾਵਟ ਨਾ ਬਣਨ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਬੰਦੀ ਸਿੰਘਾਂ ਖਿਲਾਫ ਬਿੱਟੂ ਬੋਲਣਾ ਬੰਦ ਕਰ ਦੇਣ ਨਹੀਂ ਤਾਂ ਨਤੀਜਾ ਮਾੜਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਹੈ।

 

ਜਿਸ ਤੋਂ ਬਾਅਦ ਰਵਨੀਤ ਬਿੱਟੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ। ਰਵਨੀਤ ਬਿੱਟੂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਅਤੇ ਧਮਕੀਆਂ ਦੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜਲਦੀ ਹੀ ਜਾਂਚ ਦਾ ਭਰੋਸਾ ਦਿੱਤਾ ਅਤੇ ਪੁਲਿਸ ਨੂੰ ਸਖ਼ਤ ਆਦੇਸ਼ ਵੀ ਦਿੱਤੇ ਹਨ ਕਿ ਸੁਰੱਖਿਆ ਵਿਵਸਥਾ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। 

 

ਓਧਰ ਰਾਜੀਵ ਰਾਜਾ ਵੱਲੋਂ ਇਸ ਦੀ ਸ਼ਿਕਾਇਤ ਜ਼ਿਲ੍ਹੇ ਦੇ ਸੀਪੀ ਡਾ.ਕੌਸਤਭ ਸ਼ਰਮਾ ਨੂੰ ਦਰਜ ਕਰਵਾਈ ਗਈ ਹੈ। ਸੀਪੀ ਡਾ.ਸ਼ਰਮਾ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਰਵਨੀਤ ਬਿੱਟੂ ਲਗਾਤਾਰ ਅੱਤਵਾਦੀਆਂ ਖਿਲਾਫ ਬੋਲਦੇ ਆ ਰਹੇ ਹਨ ਅਤੇ ਪੰਜਾਬ 'ਚੋਂ ਗੈਂਗਸਟਰਾਂ ਨੂੰ ਖਤਮ ਕਰਨ ਦੀ ਗੱਲ ਕਰਦੇ ਹਨ। ਰਵਨੀਤ ਬਿੱਟੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।