ਚੰਡੀਗੜ੍ਹ: ਕਾਂਗਰਸ ਲੀਡਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਇੱਕ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਸੀ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਵਿਧਾਨ ਉੱਤੇ ਖ਼ਤਰਾ ਮੰਡਰਾ ਰਿਹਾ ਸੀ। ਨਾ ਰਾਜੋਆਣਾ ਨੂੰ ਮੁਆਫ਼ ਕੀਤਾ ਗਿਆ ਹੈ ਤੇ ਨਾ ਹੀ ਅੱਗੇ ਕੀਤਾ ਜਾਏਗਾ। ਅਮਿਤ ਸ਼ਾਹ ਦੀ ਤਾਰੀਫ ਕਰਦਿਆਂ ਬਿੱਟੂ ਨੇ ਕਿਹਾ ਕਿ ਅੱਜ ਸਰਕਾਰ ਨੇ ਮੋਹਰ ਲਾ ਦਿੱਤੀ ਹੈ ਕਿ ਸਰਕਾਰ ਦੇਸ਼ ਦੇ ਸੰਵਿਧਾਨ ਨਾਲ ਹੈ ਤੇ ਆਮ ਲੋਕਾਂ ਨਾਲ ਵੀ ਖਿਲਵਾੜ ਨਹੀਂ ਕਰੇਗੀ।


ਬਿੱਟੂ ਨੇ ਕਿਹਾ ਕਿ ਅਮਿਤ ਸ਼ਾਹ ਦੀਆਂ ਤਾਰੀਫਾਂ ਦੇ ਪੁਲ਼ ਬੰਨ੍ਹਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਨੇ ਅੱਤਵਾਦ ਖਿਲਾਫ ਲੜਾਈ ਲੜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਨੂੰ ਸਿਆਸਤ ਨਾ ਕਰਨ ਦੀ ਹਦਾਇਤ ਦਿੱਤੀ। ਨਾਲ ਹੀ ਕਿਹਾ ਕਿ ਅਕਾਲੀ ਦਲ ਦੀ ਫੰਡਿੰਗ ਦੀ ਮਜਬੂਰੀ ਹੋ ਸਕਦੀ ਹੈ।


ਇਸ ਤੋਂ ਇਲਾਵਾ ਬਿੱਟੂ ਨੇ ਕਿਹਾ ਕਿ ਹੁਣ ਉਹ ਸੰਸਦ ਵਿੱਚ ਭੁੱਲਰ ਦੀ ਸਜ਼ਾ ਮੁਆਫ਼ੀ ਦਾ ਵੀ ਮੁੱਦਾ ਚੁੱਕਣਗੇ। ਭੁੱਲਰ ਦੀ ਵੀ ਸਜ਼ਾ ਮੁਆਫ ਨਹੀਂ ਹੋਣੀ ਚਾਹੀਦੀ।