Punjab Politics: ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਤੱਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਜੇਲ੍ਹ ਵਿੱਚ ਬੰਦ ਕਿਸੇ ਵੀ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।
ਕਾਂਗਰਸ ਵਿੱਚ ਰਹਿੰਦਿਆਂ ਲਗਾਤਾਰ ਕੀਤਾ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ
ਬਿੱਟੂ ਨੇ ਕਿਹਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਦਾ ਪਰਿਵਾਰ ਵੀ ਜੇਲ੍ਹ ਵਿੱਚ ਬੰਦ ਸਿੱਖਾਂ ਦਾ ਕਿਸੇ ਵੀ ਸੂਰਤ ਵਿੱਚ ਵਿਰੋਧ ਨਹੀਂ ਕਰੇਗਾ। ਬਿੱਟੂ ਨੇ ਕਿਹਾ ਕਿ ਮੈਂ ਇਸ ਬਾਰੇ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ। ਯਾਦ ਕਰਵਾ ਦੇਈਏ ਕਿ ਕਾਂਗਰਸ ਵਿੱਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਜ਼ੋਰਦਾਰ ਵਿਰੋਧ ਕੀਤਾ ਸੀ।
ਬਿੱਟੂ ਦਾ ਸਿਆਸੀ ਸਫ਼ਰ
ਬਿੱਟੂ ਇੱਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਪਰ ਇਸ ਵਾਰ ਲੁਧਿਆਣਾ ਦੇ ਲੋਕਾਂ ਨੇ ਉਸ ਨੂੰ ਨਕਾਰ ਦਿੱਤਾ ਹੈ। ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕਰੀਬ 21 ਹਜ਼ਾਰ ਵੋਟਾਂ ਨਾਲ ਹਾਰ ਗਏ।
ਬੰਦੀ ਸਿੱਖਾਂ ਦਾ ਵਿਰੋਧ ਕਿਉਂ ਕਰਦੇ ਨੇ ਰਵਨੀਤ ਬਿੱਟੂ ?
31 ਅਗਸਤ 1995 ਨੂੰ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ (ਬਿੱਟੂ ਦੇ ਦਾਦਾ) ਦੀ ਹੱਤਿਆ ਕਰ ਦਿੱਤੀ ਗਈ। ਬੇਅੰਤ ਸਿੰਘ ਦੀ ਕਾਰ ਕੋਲ ਮਨੁੱਖੀ ਬੰਬ ਨੇ ਖੁਦ ਨੂੰ ਉਡਾ ਲਿਆ ਸੀ। ਬਲਵੰਤ ਸਿੰਘ ਰਾਜੋਆਣਾ(Balwant singh rajoana) ਦੇ ਬਿਆਨ ਅਨੁਸਾਰ ਉਸ ਨੇ ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ(Dilawar singj) ਨੇ ਬੇਅੰਤ ਸਿੰਘ( (beant singh) )ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ ਉੱਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਕੀਤਾ ਜਾਣਾ ਸੀ। ਇਸ ਮਾਮਲੇ ਵਿੱਚਚ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।