Farmers Protest: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਇੱਕ ਪਾਸੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ ਤੇ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਦੂਜੇ ਪਾਸੇ ਸਿਆਸੀ ਲੀਡਰ ਵੀ ਮੈਦਾਨ ਵਿੱਚ ਕੁੱਧ ਪਏ ਹਨ। ਬੀਜੇਪੀ ਨੇ ਡੱਲੇਵਾਲ ਖਿਲਾਫ ਐਕਸ਼ਨ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ।
ਬੀਜੇਪੀ ਦੇ ਸੀਨੀਅਰ ਲੀਡਰ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ, ‘‘ਕਿਸਾਨ ਆਗੂ ਡੱਲੇਵਾਲ ਜੀ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਕੋਈ ਵੀ ਕੇਂਦਰੀ ਏਜੰਸੀ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਸ਼ਾਮਲ ਨਹੀਂ। ਇਹ ਨਿਰੋਲ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਕੇਂਦਰੀ ਏਜੰਸੀਆਂ ’ਤੇ ਦੋਸ਼ ਮੜ੍ਹਨਾ ਹੈ ਤਾਂ ਜੋ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਤੇ ਅਜਿਹੀਆਂ ਚਾਲਾਂ ਵਿੱਚ ਸ਼ਾਮਲ ਨਹੀਂ ਹੁੰਦੀ।’’
ਦਰਅਸਲ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮੰਗਲਵਾਰ ਨੂੰ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ। ਅੱਜ ਤੜਕਸਾਰ ਪੁਲਿਸ ਨੇ ਡੱਲੇਵਾਲ ਨੂੰ ਆਪਣੀ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਮੌਕੇ ਤੋਂ ਜ਼ਬਰਦਸਤੀ ਚੁੱਕ ਲਿਆ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਹ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹੈ ਤੇ ਉਸ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ।
ਕਿਸਾਨ ਲੀਡਰ ਅਭਿਮਨਿਊ ਕੋਹਾੜ ਨੇ ਦੋਸ਼ ਲਾਇਆ ਕਿ ਪੁਲਿਸ ਡੱਲੇਵਾਲ ਨੂੰ ਸਿਰਫ ਕੁੜਤੇ ਵਿੱਚ ਹੀ ਚੁੱਕ ਕੇ ਲੈ ਗਈ ਹੈ। ਇੰਨੀ ਠੰਢ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਜਾਮਾ ਤੇ ਗਰਮ ਕੱਪੜੇ ਪਾਉਣ ਦੀ ਵੀ ਇਜਾਜ਼ਤ ਨਹੀਂ ਦਿੱਤੀ। ਪੁਲਿਸ ਐਕਸ਼ਨ ਵੇਲੇ ਡੱਲੇਵਾਲ ਨਾਲ ਮੌਜੂਦ ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਕਹਿਣਾ ਹੈ ਕਿ ਜਦੋਂ ਡੱਲੇਵਾਲ ਰਾਤ ਨੂੰ ਆਰਾਮ ਕਰ ਰਹੇ ਸੀ ਤਾਂ ਦੋਵਾਂ ਪਾਸਿਆਂ ਤੋਂ ਪੁਲਿਸ ਨੇ ਆ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਉਨ੍ਹਾਂ ਨੇ ਕੁੜਤਾ ਤੇ ਕਛਹਿਰਾ ਹੀ ਪਾਇਆ ਹੋਇਆ ਸੀ। 68 ਸਾਲਾ ਡੱਲੇਵਾਲ ਨੂੰ ਠੰਢ ਹੋਣ ਦੇ ਬਾਵਜੂਦ ਨਾ ਤਾਂ ਪਜਾਮਾ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਤੇ ਨਾ ਹੀ ਗਰਮ ਕੱਪੜੇ।