ਚੰਡੀਗੜ੍ਹ: ਦੁਨੀਆ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ।


ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਗਲਤੀਆਂ ਕਾਰਣ ਜਿੱਥੇ ਵਾਤਾਵਰਣ ਗੰਧਲਾ ਹੋ ਰਿਹਾ ਹੈ ਉੱਥੇ ਹੀ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਾਰਣ ਕੁਦਰਤੀ ਪਾਣੀ ਦੇ ਸੋਮੇ ਵੀ ਦੂਸ਼ਿਤ ਹੋ ਰਹੇ ਹਨ। ਬਹੁਤ ਸਾਰੇ ਜੀਵ-ਜੰਤੂ ਅਤੇ ਰੁੱਖ-ਬੂਟੇ ਇਸ ਪ੍ਰਦੂਸ਼ਿਤ ਵਾਤਾਵਰਣ ਦੀ ਭੇਂਟ ਚੜ੍ਹ ਰਹੇ ਹਨ।


ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਭਨਾਂ ਪੇਂਡੂ ਘਰਾਂ ਤੱਕ ਸ਼ੁੱਧ ਅਤੇ ਸਾਫ ਪਾਣੀ ਪਹੁੰਚਾਇਆ ਜਾ ਸਕੇ ਅਤੇ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾ ਦਿੱਤੀ ਜਾਵੇਗੀ।


ਇਸੇ ਤਰ੍ਹਾਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਹਿਲੇ ਦੌਰ ਵਿਚ ਪੰਜਾਬ ਖੁੱਲ੍ਹੇ ਵਿਚ ਸ਼ੋਚ ਤੋਂ ਮੁਕਤ ਹੋ ਚੁੱਕਾ ਹੈ। ਪਿੰਡਾਂ ਵਿਚ ਤਰਲ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਬਹੁਤ ਸਾਰੇ ਪ੍ਰੋਜੈਕਟਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ 2024-25 ਤੱਕ ਸਾਰੇ ਪਿੰਡਾਂ ਵੱਲੋਂ ਟੀਚਾ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਰਾਜਾਂ ਵਿਚ ਸ਼ਾਮਲ ਹੈ ਜਿੱਥੇ ਪਿੰਡਾਂ ਵਿਚ ਪਾਣੀ ਦੀ ਨਿਰੰਤਰ ਸਪਲਾਈ ਅਤੇ ਕੂੜੇ ਦਾ ਸਾਰਥਕ ਪ੍ਰਬੰਧਨ ਕੀਤਾ ਜਾ ਰਿਹਾ ਹੈ।


ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।


ਇਹ ਵੀ ਪੜ੍ਹੋ: Selfie Point in Mohali: ਭਾਰਤੀ ਹਾਕੀ ਟੀਮ 'ਚ ਪੰਜਾਬ ਦੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਬੋਲੇ ਪੰਜਾਬ ਖੇਡ ਮੰਤਰੀ ਨੇ ਕੀਤਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904