ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਦੇ ਮਾਮਲੇ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਐਸਆਈਟੀ ਵੱਲੋਂ ਹਿਰਾਸਤ ਵਿੱਚ ਲੈਣ ਮਗਰੋਂ ਸਿਆਸੀ ਤੇ ਧਾਰਮਿਕ ਧਿਰਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਐਸਆਈਟੀ ਦੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ।


ਇਹ ਵੀ ਪੜ੍ਹੋ- ਬਰਗਾੜੀ ਕਾਂਡ: ਐਸਆਈਟੀ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ 'ਤੇ ਕੀਤੀ ਵੱਡੀ ਕਾਰਵਾਈ, SSP ਸ਼ਰਮਾ ਗ੍ਰਿਫ਼ਤਾਰ

ਹਰਪਾਲ ਚੀਮਾ ਨੇ ਕਿਹਾ ਹੈ ਕਿ ਐਸਆਈਟੀ ਦਾ ਇਹ ਚੰਗਾ ਕਦਮ ਹੈ, ਪਰ ਇਹ ਸਭ ਕਾਫੀ ਪਹਿਲਾਂ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ ਹੁਣ ਤਾਂ ਕੈਪਟਨ ਦੇ ਮੰਤਰੀ ਵੀ ਕਹਿ ਰਹੇ ਹਨ ਕਿ ਸਮਾਂ ਲੰਘਾ ਕੇ ਉਹ ਬਾਦਲ ਪਰਿਵਾਰ ਨੂੰ ਬਚਾਅ ਰਹੇ ਹਨ। ਚੀਮਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਬਾਦਲ ਪਰਿਵਾਰ ਨੂੰ ਵੀ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਇਸ ਨੂੰ ਸਿਰਫ਼ ਚੋਣ ਮੁੱਦਾ ਬਣਾਇਆ ਜਾਵੇ।

ਸਬੰਧਤ ਖ਼ਬਰ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ

ਉੱਧਰ, ਬਰਗਾੜੀ ਇਨਸਾਫ ਮੋਰਚੇ ਦੇ ਆਗੂ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਰਕਾਰ ਹੌਲੀ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਗੋਲ਼ੀ ਚਲਾਉਣ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।