ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ 'ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਬੰਧਿਤ ਜ਼ਿਲ੍ਹਿਆਂ ਵਿੱਚ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ, ਯਾਨੀ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਕੱਲ੍ਹ ਪੰਜਾਬ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ 'ਤੇ ਮੁੜ ਗਰਾਮ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਲੱਗੀਆਂ ਫੈਕਟਰੀਆਂ ਦੇ ਕਾਮਿਆਂ ਲਈ ਸਰਕਾਰ ਨੇ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਛੁੱਟੀ ਕਾਮਿਆਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਥਾਵਾਂ 'ਤੇ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।