ਚੰਡੀਗੜ੍ਹ: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ ਹੈ। ਪੰਜਾਬ ਸਰਕਾਰ ਨੇ ਇਸ ਲਈ ਪੈਕੇਜ ਮੰਗਿਆ ਹੈ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਉਹ ਬੰਗਲੁਰੂ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪਹੁੰਚੇ ਹਨ। 




 


ਧਾਲੀਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੇ ਸਮੁੱਚੇ ਦੇਸ਼ ਦੀ ਉਦੋਂ ਬਾਂਹ ਫੜੀ, ਜਦੋਂ ਮੁਲਕ ਵਿਚ ਵੱਡਾ ਅੰਨ ਸੰਕਟ ਸੀ। ਪੰਜਾਬ ਹਰ ਫ਼ਰੰਟ ’ਤੇ ਦੇਸ਼ ਲਈ ਅੱਗੇ ਹੋ ਕੇ ਲੜਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਦੀ ਲੋੜ ਹੈ। 


ਖੇਤੀ ਮੰਤਰੀ ਤੋਮਰ ਦਾ ਕਿਸਾਨਾਂ ਲਈ ਵੱਡਾ ਐਲਾਨ, ਦੇਸ਼ ਦੇ ਕਿਸਾਨਾਂ ਨੂੰ ਵਿਚੋਲਿਆਂ ਦੇ ਚੁੰਗਲ ’ਚੋਂ ਕੱਢਿਆ ਜਾਵੇਗਾ



ਧਾਲੀਵਾਲ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਾਲਾਨਾ ਪ੍ਰਤੀ ਏਕੜ 15 ਹਜ਼ਾਰ ਰੁਪਏ ਬੱਝਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਕਿਸਾਨਾਂ ਨੂੰ ਆਪਣੀ ਫ਼ਸਲ ਪਾਲਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 


ਸਰਹੱਦੀ ਕਿਸਾਨਾਂ ਦੀ ਵਧੇਰੇ ਟੇਕ ਖੇਤੀ ’ਤੇ ਹੀ ਹੈ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਰਜੀਹੀ ਆਧਾਰ ’ਤੇ ਲਵੇ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕੋਲਡ ਸਟੋਰਾਂ ਲਈ ਵੀ ਇੱਕ ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਖੇਤੀ ਵਿਭਿੰਨਤਾ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ।