ਚੰਡੀਗੜ - ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਦਾਗੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਿੱਚ ਉਦਾਸੀਨਤਾ ਲਈ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਉਹ ਮੰਤਰੀ ਨੂੰ ਬਚਾ ਕੇ ਕਿਹੜੀ ਮਿਸਾਲ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜੇਕਰ 'ਆਪ' ਸਰਕਾਰ ਦਾਗ਼ੀ ਮੰਤਰੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ 'ਚ ਅਸਫਲ ਰਹੀ ਤਾਂ ਪੰਜਾਬ ਕਾਂਗਰਸ 'ਆਪ' ਸਰਕਾਰ ਵਿਰੁੱਧ ਲੜੀਵਾਰ ਰੋਸ ਪ੍ਰਦਰਸ਼ਨ ਸ਼ੁਰੂ ਕਰੇਗੀ। 


ਉਨ੍ਹਾਂ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੂੰ 'ਆਪ' ਦੀ ਸੀਨੀਅਰ ਲੀਡਰਸ਼ਿਪ ਦਾ ਨੇੜਲਾ ਵਿਅਕਤੀ ਮੰਨਿਆ ਜਾਂਦਾ ਹੈ। ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮੁੱਦੇ 'ਤੇ ਸਪਸ਼ਟੀਕਰਨ ਦੇਣ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕੀ ਦਿੱਲੀ 'ਚ ਬੈਠੀ 'ਆਪ' ਦੀ ਸੀਨੀਅਰ ਲੀਡਰਸ਼ਿਪ ਨਾਲ ਉਨ੍ਹਾਂ (ਕਟਾਰੂਚੱਕ) ਦੀ ਨੇੜਤਾ ਹੀ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਕਾਰਨ ਹੈ। 


ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕਟਾਰੂਚੱਕ ਨੇ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਜਿਸ ਨੇ ਬਾਅਦ ਵਿੱਚ ਏਡੀਸੀ ਬਣਨ ਤੋਂ ਕੁਝ ਦਿਨਾਂ ਬਾਅਦ ਹੀ ਜ਼ਮੀਨ ਘੁਟਾਲਾ ਕਰ ਦਿੱਤਾ। ਅਜਿਹਾ ਲੱਗਦਾ ਹੈ ਕਿ ਇਹ ਸਾਰਾ ਘਿਣਾਉਣਾ ਵਰਤਾਰਾ ਇੱਕ ਸੋਚੀ ਸਮਝੀ ਰਣਨੀਤੀ ਸੀ। ਇਸ ਘੁਟਾਲੇ ਵਿੱਚ ਇਸ ਕੈਬਨਿਟ ਮੰਤਰੀ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। 


ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਝ ਹਿੰਮਤ ਦਿਖਾਉਣੀ ਚਾਹੀਦੀ ਹੈ ਅਤੇ ਉਨ੍ਹਾਂ (ਕਟਾਰੂਚੱਕ) ਨੂੰ ਮੰਤਰੀ ਮੰਡਲ ਤੋਂ ਬਾਹਰ ਕੱਢਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਨਹੀਂ ਤਾਂ ਮੁੱਖ ਮੰਤਰੀ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਕਟਾਰੂਚੱਕ ਨੂੰ ਕਿਉਂ ਬਚਾਇਆ ਜਾ ਰਿਹਾ ਹੈ। 


ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਏਜੰਸੀ ਵੱਲੋਂ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਜੇ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਦੁਆਰਾ ਕੀਤੀ ਜਾਂਦੀ ਹੈ, ਤਾਂ ਉਹ ਦੁਬਾਰਾ ਜਾਂਚ ਨੂੰ ਆਪਣੇ ਹੱਕ ਵਿੱਚ ਪ੍ਰਭਾਵਤ ਕਰਨ ਲਈ ਸਾਰੇ ਤਰੀਕੇ ਵਰਤਣਗੇ।