ਪਟਿਆਲਾ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਜਸ਼ਨ-ਏ-ਉਰਦੂ ਮੁਸ਼ਾਇਰਾ ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਦੇ ਨਾਮਵਰ ਉਰਦੂ ਸ਼ਾਇਰਾਂ ਨੇ ਆਪਣੇ ਕਲਾਮ ਪੇਸ਼ ਕੀਤੇ।
ਸਮਾਗਮ ਦੌਰਾਨ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੌਸ਼ਨ ਕਰਕੇ ਮੁਸ਼ਾਇਰੇ ਦੀ ਸ਼ੁਰੂਆਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਾ. ਰੁਬੀਨਾ ਸ਼ਬਨਮ ਨੇ ਕੀਤੀ ਅਤੇ ਉੱਤਰਾਖੰਡ ਉਰਦੂ ਅਕਾਦਮੀ ਦੇ ਉਪ ਚੇਅਰਮੈਨ ਅਫਜ਼ਲ ਮੰਗਲੂਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਉਰਦੂ ਤੇ ਹਿੰਦੀ ਨੂੰ ਦਿੱਤੇ ਜਾਣ ਵਾਲੇ ਸਨਮਾਨ ਬਾਰੇ ਵਿਭਾਗ ਦੀਆਂ ਗਤੀਵਿਧੀਆਂ, ਯੋਜਨਾਵਾਂ ਤੇ ਇਨਾਮਾਂ ਬਾਰੇ ਚਾਨਣਾ ਪਾਇਆ।
ਮੁੱਖ ਮਹਿਮਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਜੇਕਰ ਇਤਿਹਾਸ ਤੇ ਵਰਤਮਾਨ ਨੂੰ ਫਰੋਲਿਆ ਜਾਵੇ ਤਾਂ ਇੱਕ ਗੱਲ ਸਾਹਮਣੇ ਆਉਂਦੀ ਹੈ ਕਿ ਸ਼ਾਇਰ ਹਮੇਸ਼ਾ ਹੀ ਸਮੇਂ ਦੀ ਅਵਾਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਬਹੁਤ ਵੱਡੀ ਮਿਸਾਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਜਬਰ-ਜੁਲਮ ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਵਾਜ਼ ਉਠਾਈ ਸੀ ਅਤੇ ਇਹ ਸਿਲਸਲਾ ਹੋਰ ਵੀ ਗੁਰੂਆਂ ਤੇ ਭਗਤਾਂ ਨੇ ਵੀ ਜਾਰੀ ਰੱਖਿਆ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਹੁਤ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕੁਝ ਲੋਕਾਂ ਨੇ ਸਾਡੀਆਂ ਭਾਸ਼ਾਵਾਂ ਨੂੰ ਧਰਮ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਜਦੋਂ ਵੀ ਦੁਨੀਆ ‘ਚ ਕੋਈ ਬਦਲਾਅ ਜਾਂ ਕ੍ਰਾਂਤੀ ਆਈ ਹੈ ਤਾਂ ਲਿਖਾਰੀਆਂ ਦਾ ਬਹੁਤ ਵੱਡਾ ਯੋਗਦਾਨ ਰਹਿੰਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ