ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਮਾਮਲੇ ਸਬੰਧੀ ਜਾਰੀ ਕੀਤੀ ਗਈ ਰਿਪੋਰਟ ‘ਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਡੇਰਾ ਮੁਖੀ ਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਸ਼ਮੂਲੀਅਤ ਦਰਸਾਈ ਗਈ ਹੈ ਜਦੋਂਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ੁਦ ਚੋਣਾਂ ਤੋਂ ਪਹਿਲਾਂ ਆਖਦੇ ਸਨ ਕਿ ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਦੀ ਸ਼ਮੂਲੀਅਤ ਹੈ, ਜਿਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਾਦਲਾਂ ਦੀ ਭੂਮਿਕਾ ਬਾਰੇ ਚੁੱਪ ਹੈ, ਅਚਾਨਕ ਅਜਿਹਾ ਕਿਉਂ ਹੋ ਗਿਆ ਹੈ।



ਬਾਜਵਾ ਨੇ ਸਵਾਲ ਕੀਤਾ ਕਿ ਕੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਇਸ ਬਾਰੇ ਦਿੱਤਾ ਬਿਆਨ ਸਿਰਫ਼ ਲੋਕਾਂ ਨਾਲ ਝੂਠਾ ਵਾਅਦਾ ਸੀ। ਚੇਤੇ ਰਹੇ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪੀ ਹੈ।

ਬਾਜਵਾ ਨੇ ਕਿਹਾ ਕਿ ਸ਼ਿਕਾਇਤਕਰਤਾ ਸੁਖਰਾਜ ਸਿੰਘ ਨੇ ਇਹ ਗੱਲ ਆਖੀ ਹੈ ਕਿ ਜਿਨ੍ਹਾਂ ਸਿੱਖ ਆਗੂਆਂ ਨੂੰ ਰਿਪੋਰਟ ਸੌਂਪੀ ਗਈ ਹੈ, ਉਹ ਬਰਗਾੜੀ ਮੋਰਚੇ ਦਾ ਕਦੇ ਹਿੱਸਾ ਨਹੀਂ ਸਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਰਿਪੋਰਟ ਵਿੱਚ ਕੁਝ ਨਹੀਂ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਹੈ ਤੇ ਨਾ ਹੀ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਰਹੀ ਹੈ।

ਉਧਰ, ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਹੈ, ਉਹ ਜਾਅਲੀ ਹੈ, ਜਿਸ ਵਿੱਚ ਸਿੱਧੇ ਤੌਰ ’ਤੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ ਜੋ ਸਿੱਖ ਸੰਗਤ ਨੂੰ ਬਿਲਕੁਲ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਪਰ 2015-2017 ਵਿੱਚ ਜਿਨ੍ਹਾਂ ਦੀ ਸਰਕਾਰ ਸੀ ਉਸ ਸਮੇਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪਨਾਹ ਦਿੱਤੀ ਗਈ ਤੇ ਗੁਨਾਹ ਕਰਨ ਵਾਲਿਆਂ ਨੂੰ ਬਚਾਇਆ ਗਿਆ।

ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਵਰਗੀ ਪੁਸ਼ਾਕ ਪਾ ਕੇ ਉਨ੍ਹਾਂ ਨਾਲ ਤੁਲਨਾ ਕੀਤੀ ਸੀ ਪਰ ਇਸ ਸਬੰਧੀ ਕੇਸ ਵੀ ਸੁਖਬੀਰ ਬਾਦਲ ਨੇ ਵਾਪਸ ਲੈ ਲਿਆ। ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ’ਤੇ ਦਬਾਅ ਪਾ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਈ ਤੇ ਇਸ ਸਰਵਉੱਚ ਤਖ਼ਤ ਦੀ ਦੁਰਵਰਤੋਂ ਕੀਤੀ।