Services At Their Doorsteps : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ. ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓ.ਟੀ. ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਪੁਰਜ਼ੋਰ ਕੋਸ਼ਿਸ਼ਾਂ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ੇਤਰ ਵਿੱਚ ਪੰਜਾਬ ਕੋਲ ਬੇਹੱਦ ਸੰਭਾਵਨਾਵਾਂ ਹਨ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਤਰੱਕੀ ਦੇਣੀ ਯਕੀਨੀ ਬਣਾਉਣ ਉਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਸਿਹਤ ਤੇ ਸਿੱਖਿਆ ਖ਼ੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਜਟ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਪੰਜਾਬ ਵਿੱਚ ਸਿਹਤ ਸੰਭਾਲ ਤੇ ਮੈਡੀਕਲ ਸਿੱਖਿਆ ਖ਼ੇਤਰਾਂ ਵਿੱਚ ਕ੍ਰਾਂਤੀ ਲਿਆਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸ ਰੇਅ ਮਸ਼ੀਨਾਂ ਨਾਲ ਲੈਸ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦੀ ਲੁੱਟ ਬੰਦ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।